ਮੂਸੇਵਾਲਾ ਦੇ ਕਾਤਲਾਂ ਨੂੰ ਮਿਲੇਗੀ ਮਿਸਾਲੀ ਸਜ਼ਾ: ਭਗਵੰਤ ਮਾਨ

ਪਠਾਨਕੋਟ, 31 ਅਕਤੂਬਰ– ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਬਹੁਤ ਗੰਭੀਰ ਹੈ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਇਹ ਗੱਲ ਇੱਥੇ ਭੋਆ ਹਲਕੇ ਦੇ ਕਾਨਵਾਂ ਤੇ ਸਰਨਾ ਅਨਾਜ ਮੰਡੀਆਂ ’ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਹ ਸਿੱਧੂ ਮੂਸੇਵਾਲ ਦੇ ਪਿਤਾ ਬਲਕੌਰ ਸਿੰਘ ਵੱਲੋਂ ਬੀਤੇ ਦਿਨ ਪੰਜਾਬ ਸਰਕਾਰ ਨੂੰ 25 ਨਵੰਬਰ ਤੱਕ ਦੇ ਦਿੱਤੇ ਗਏ ਅਲਟੀਮੇਟਮ ਬਾਰੇ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ।

ਭਗਵੰਤ ਮਾਨ ਕਾਨਵਾਂ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮਾਮਲਾ ਬਹੁਤ ਸੰਗੀਨ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿੱਚ ਜਿੰਨੇ ਵੀ ਗੈਂਗਸਟਰ ਸ਼ਾਮਲ ਸਨ ਜਾਂ ਉਨ੍ਹਾਂ ਨਾਲ ਜੋ ਸਾਜ਼ਿਸ਼ਘਾੜੇ ਜੁੜੇ ਹੋਏ ਸਨ, ਉਹ ਸਾਰੇ ਪਹਿਲਾਂ ਹੀ ਫੜੇ ਜਾ ਚੁੱਕੇ ਹਨ ਅਤੇ ਉਨ੍ਹਾਂ ਦਾ ਚਲਾਨ ਵੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। 1-2 ਸਾਜ਼ਿਸ਼ਘਾੜੇ ਕੈਨੇਡਾ ਵਿੱਚ ਪਨਾਹ ਲਈ ਬੈਠੇ ਹਨ, ਜਿਨ੍ਹਾਂ ਬਾਰੇ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਲਈ ਸੂਬਾ ਸਰਕਾਰ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਇੱਥੇ ਲਿਜਾਂਦਾ ਜਾ ਸਕੇ। ਇਸ ਕਰਕੇ ਸਰਕਾਰ ਵੱਲੋਂ ਕੋਈ ਵੀ ਕਮੀ ਨਹੀਂ ਹੈ ਤੇ ਨਾ ਹੀ ਉਹ ਇਨਸਾਫ ਦੇਣ ਲਈ ਕਿਸੇ ਪੱਖ ਤੋਂ ਕੋਈ ਦੇਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੋਈ ਸੁਰਾਗ਼ ਮਿਲਦਾ ਹੈ, ਉਥੇ ਹੀ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਗ੍ਰਿਫ਼ਤਾਰੀ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭੋਆ ਹਲਕੇ ਦੇ ਕਾਨਵਾਂ ਤੇ ਸਰਨਾ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਟੂਰਿਜ਼ਮ ਵਿਭੂਤੀ ਸ਼ਰਮਾ, ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ, ਜ਼ਿਲ੍ਹਾ ਪ੍ਰਧਾਨ ਰੋਹਿਤ ਸਿਆਲ, ਡਿਪਟੀ ਕਮਿਸ਼ਨਰ ਹਰਬੀਰ ਸਿੰਘ, ਡਾਇਰੈਕਟਰ ਘਣਸ਼ਿਆਮ, ਨਗਰ ਸੁਧਾਰ ਟਰੱਸਟ ਚੇਅਰਮੈਨ ਠਾਕੁਰ ਮਨੋਹਰ ਸਿੰਘ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ 30 ਅਕਤੂਬਰ ਤੱਕ ਤਕਰੀਬਨ 112 ਲੱਖ ਮੀਟਰਿਕ ਟਨ ਝੋਨਾ ਮੰਡੀਆਂ ’ਚ ਆਇਆ ਹੈ, ਜਿਸ ’ਚੋਂ ਤਕਰੀਬਨ 110 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 88 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚੋਂ ਚੁੱਕਿਆ ਜਾ ਚੁੱਕਾ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 18,660 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਹੋ ਚੁੱਕੀ ਹੈ।

Add a Comment

Your email address will not be published. Required fields are marked *