ਗੈਰਕਾਨੂੰਨੀ ਖਣਨ: ਸੁਖਬੀਰ ਬਾਦਲ ਨੂੰ ਜ਼ਮਾਨਤ ਮਿਲੀ

ਅੰਮ੍ਰਿਤਸਰ, 3 ਨਵੰਬਰ

ਬਿਆਸ ਦਰਿਆ ਵਿੱਚ ਗੈਰਕਾਨੂੰਨੀ ਖਣਨ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਥੇ ਸਥਾਨਕ ਅਦਾਲਤ ਵਿੱਚ ਪੇਸ਼ ਹੋਏ। ਬਿਆਸ ਦਰਿਆ ਵਿਚ ਖਣਨ ਕਰਨ ਵਾਲੀ ਇਕ ਨਿੱਜੀ ਕੰਪਨੀ ਵੱਲੋਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਥਾਣਾ ਬਿਆਸ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ਵਿੱਚ ਉਨ੍ਹਾਂ ਦੋਸ਼ ਲਾਇਆ ਸੀ ਕਿ ਸੁਖਬੀਰ ਨੇ ਇੱਥੇ ਆ ਕੇ ਕੰਪਨੀ ਦੇ ਕਰਮਚਾਰੀਆਂ ਨੂੰ ਡਰਾਇਆ ਧਮਕਾਇਆ ਤੇ ਕਰੋਨਾ ਨਿਯਮਾਂ ਦੀ ਅਣਦੇਖੀ ਵੀ ਕੀਤੀ। ਇਸ ਸਬੰਧੀ ਸ੍ਰੀ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਇੱਕ ਕੇਸ ਮਹਾਮਾਰੀ ਐਕਟ ਤਹਿਤ ਵੀ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਅਦਾਲਤ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਜਿਸ ਦੇ ਚੱਲਦਿਆਂ ਉਹ ਅੱਜ ਇੱਥੇ ਅਦਾਲਤ ਵਿੱਚ ਪੇਸ਼ ਹੋਏ ਅਤੇ ਜ਼ਮਾਨਤ ਪ੍ਰਾਪਤ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਹੋਵੇਗੀ। ਅਦਾਲਤ ਵਿੱਚੋਂ ਬਾਹਰ ਆਉਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਇਹ ਕੇਸ ਸਿਆਸੀ ਮੁਫ਼ਾਦਾਂ ਨਾਲ ਪ੍ਰੇਰਿਤ ਹੈ ਜਿਸ ਨੂੰ ਪਿਛਲੀ ਕਾਂਗਰਸ ਸਰਕਾਰ ਵੱਲੋਂ ਦਰਜ ਕਰਵਾਇਆ ਗਿਆ ਸੀ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਕੇਸ ਨੂੰ ਅਗਾਂਹ ਵਧਾਇਆ ਜਾ ਰਿਹਾ ਹੈ।

Add a Comment

Your email address will not be published. Required fields are marked *