ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ: ਧਾਮੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

ਅੰਮ੍ਰਿਤਸਰ, 4 ਨਵੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਚੋਣ ਵਾਸਤੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦਾ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਇਸ ਸੰਬੰਧ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਟਵੀਟ ਨੂੰ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਲਈ ਐਲਾਨ ਕਰ ਚੁੱਕੀ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਾਰਟੀ ਵੱਲੋਂ ਲੀਹ ਤੋਂ ਹਟ ਕੇ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਲੇ ਦਿਨ ਹੀ ਜਨਰਲ ਇਜਲਾਸ ਦੌਰਾਨ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਂਦਾ ਹੈ। ਪਾਰਟੀ ਵੱਲੋਂ ਇਸ ਸਬੰਧੀ ਲਿਫਾਫੇ ਵਿਚ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸੂਚੀ ਭੇਜੀ ਜਾਂਦੀ ਹੈ, ਜਿਸ ਦਾ ਮੌਕੇ ’ਤੇ ਹੀ ਐਲਾਨ ਕੀਤਾ ਜਾਂਦਾ ਹੈ ਪਰ ਇਸ ਵਾਰ ਬੀਬੀ ਜਗੀਰ ਕੌਰ ਨਾਲ ਚੱਲ ਰਹੀ ਖਿੱਚੋਤਾਣ ਦੌਰਾਨ ਪਹਿਲੀ ਵਾਰ ਪਾਰਟੀ ਉਮੀਦਵਾਰ ਦਾ ਐਲਾਨ ਚੋਣ ਤੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਾਸਤੇ ਚੋਣ 9 ਨਵੰਬਰ ਨੂੰ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ। ਇਸ ਐਲਾਨ ਤੋਂ ਤੁਰੰਤ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪੱਤਰਕਾਰ ਸੰਮੇਲਨ ਵੀ ਸੱਦਿਆ ਗਿਆ ਹੈ।

Add a Comment

Your email address will not be published. Required fields are marked *