ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਦੀਆਂ ਦਲੀਲਾਂ ਰੱਦ

ਚੰਡੀਗੜ੍ਹ, 5 ਨਵੰਬਰ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗ਼ੀ ਮਹਿਲਾ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦਿੱਤੀਆਂ ਦਲੀਲਾਂ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ। ਅਨੁਸ਼ਾਸਨੀ ਕਮੇਟੀ ਦੇ ਮੁਖੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲੜਨ ਲਈ ਬਜ਼ਿਦ ਬੀਬੀ ਜਗੀਰ ਕੌਰ ਨੂੰ ਭਲਕੇ ਐਤਵਾਰ ਦੁਪਹਿਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਸ੍ਰੀ ਮਲੂਕਾ ਨੇ ਕਿਹਾ ਕਿ ਸ਼ੁੱਕਰਵਾਰ ਦੇਰ ਸ਼ਾਮ ਕਮੇਟੀ ਦੇ ਸਾਰੇ ਮੈਂਬਰਾਂ ਨੇ ‘ਜ਼ੂਮ ਮੀਟਿੰਗ’ ਕਰ ਕੇ ਬੀਬੀ ਜਗੀਰ ਕੌਰ ਦੇ ਮਾਮਲੇ ਬਾਰੇ ਵਿਚਾਰ ਕੀਤਾ ਸੀ। ਉਨ੍ਹਾਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਦਿੱਤੀਆਂ ਦਲੀਲਾਂ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰਾ ਮਾਮਲਾ ਵਿਚਾਰਨ ਮਗਰੋਂ ਕਮੇਟੀ ਇਸੇ ਸਿੱਟੇ ’ਤੇ ਪਹੁੰਚੀ ਕਿ ਬੀਬੀ ਜਗੀਰ ਕੌਰ ਵੱਲੋਂ ਕਾਰਨ ਦੱਸੋ ਨੋਟਿਸ ਦਾ ਸਹੀ ਢੰਗ ਨਾਲ ਜਵਾਬ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਅਨੁਸ਼ਾਸਨੀ ਕਮੇਟੀ ਦੀ ਹੋਂਦ ਬਾਰੇ ਬੀਬੀ ਜਗੀਰ ਕੌਰ ਵੱਲੋਂ ਸਵਾਲ ਖੜ੍ਹੇ ਕੀਤੇ ਗਏ ਹਨ, ਉਸ ਕਮੇਟੀ ਦਾ ਗਠਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਸਮੂਹ ਮੈਂਬਰਾਂ ਵੱਲੋਂ ਦਿੱਤੀਆਂ ਤਾਕਤਾਂ ਦੇ ਆਧਾਰ ’ਤੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਤੰਤਰ ਜਾਂ ਸਿਆਸੀ ਪਾਰਟੀ ਵਿੱਚ ਜਦੋਂ ਮੁੱਢਲੇ ਤੌਰ ’ਤੇ ਕਿਸੇ ਵਿਅਕਤੀ ਨੂੰ ਮੁਅੱਤਲ ਕੀਤਾ ਜਾਣਾ ਹੁੰਦਾ ਹੈ ਤਾਂ ਕਿਸੇ ਮਾਮੂਲੀ ਗ਼ਲਤੀ ’ਤੇ ਵੀ ਅਜਿਹੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਸੀਨੀਅਰ ਆਗੂ ਹਨ। ਕਮੇਟੀ ਵੱਲੋਂ ਵਿਚਾਰ ਕੀਤਾ ਗਿਆ ਕਿ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਇੱਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਸ੍ਰੀ ਮਲੂਕਾ ਨੇ ਕਿਹਾ ਕਿ ਪਾਰਟੀ ਅਤੇ ਬੀਬੀ ਦੇ ਹਿੱਤ ਵਿੱਚ ਇਹੀ ਸਹੀ ਰਹੇਗਾ ਕਿ ਉਹ ਪੰਥ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਨਾ ਲੜਨ। ਉਨ੍ਹਾਂ ਕਿਹਾ ਕਿ ਅਨੁਸ਼ਾਸਨੀ ਕਮੇਟੀ ਵੱਲੋਂ ਭਲਕੇ ਇਹ ਮਾਮਲਾ ਮੁੜ ਵਿਚਾਰਿਆ ਜਾਵੇਗਾ।

Add a Comment

Your email address will not be published. Required fields are marked *