ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਬਗ਼ਾਵਤ

ਚੰਡੀਗੜ੍ਹ, 6 ਨਵੰਬਰ- : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਬਗ਼ਾਵਤ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 9 ਨਵੰਬਰ ਨੂੰ ਹੋਣ ਵਾਲੀ ਪ੍ਰਧਾਨਗੀ ਦੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਦੇ ਐਲਾਨ ਨਾਲ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਦਿਲਚਸਪ ਬਣ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੁਖਦੇਵ ਸਿੰਘ ਢੀਂਡਸਾ ਨੇ ਬੀਬੀ ਜਗੀਰ ਕੌਰ ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲੜਨ ਦਾ ਐਲਾਨ ਕੀਤਾ ਅਤੇ ਉਨ੍ਹਾਂ ਆਪਣਾ ਚੋਣ ਮੈਨੀਫੈਸਟੋ ਵੀ ਐਲਾਨਿਆ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਖਲਅੰਦਾਜ਼ੀ ’ਤੇ ਉਂਗਲ ਚੁੱਕੀ ਅਤੇ ਵਾਅਦਾ ਕੀਤਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਆਜ਼ਾਦਾਨਾ, ਖ਼ੁਦਮੁਖ਼ਤਿਆਰ ਅਤੇ ਪੰਥਕ ਰੁਤਬੇ ਨੂੰ ਬਹਾਲ ਕਰਨਗੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ 2 ਨਵੰਬਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ ਸੰਵਿਧਾਨਿਕ ਕਾਰਵਾਈ ਹੈ ਅਤੇ ਉਨ੍ਹਾਂ ਅਨੁਸ਼ਾਸਨੀ ਕਮੇਟੀ ਦੀ ਬਣਤਰ ਤੇ ਹੋਂਦ ’ਤੇ ਹੀ ਸੁਆਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਅਨੁਸ਼ਾਸਨੀ ਕਮੇਟੀ ਨੇ ਮੌਕਾ ਦੇਣਾ ਸੀ ਤਾਂ ਮੁਅੱਤਲ ਕਰਨ ਤੋਂ ਪਹਿਲਾਂ ਦਿੰਦੇ। ਉਨ੍ਹਾਂ ਕਿਹਾ ਕਿ ਮੌਕਾ ਮਿਲਿਆ ਤਾਂ ਉਹ ਸ਼੍ਰੋਮਣੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਆਜ਼ਾਦ ਕਰਾਉਣਗੇ। 

ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਹਾਸ਼ੀਏ ’ਤੇ ਚਲਾ ਗਿਆ ਹੈ ਅਤੇ ਉਨ੍ਹਾਂ ਪਾਰਟੀ ’ਚ ਸੁਧਾਰਾਂ ਲਈ ਵੀ ਆਪਣੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ ਕਰਨਾ ਖ਼ੁਸ਼ੀ ਦੇਣ ਵਾਲੀ ਗੱਲ ਹੈ ਪਰ ਉਹ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਜ਼ਰੂਰ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰੇ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਤੇ ਇਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਤੱਕ ਸੀਮਤ ਨਹੀਂ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਬਹੁਮਤ ਹਾਸਲ ਹੋਣ ਦੀ ਉਮੀਦ ਵੀ ਜਤਾਈ। ਇਸੇ ਦੌਰਾਨ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੇ ਕਰੀਬ 35 ਤੋਂ 40 ਹਮਾਇਤੀ ਸ਼੍ਰੋਮਣੀ ਕਮੇਟੀ ਮੈਂਬਰ ਹਨ ਜਿਨ੍ਹਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਹਮਾਇਤ ਦਿੱਤੀ ਜਾਵੇਗੀ। ਸ੍ਰੀ ਢੀਂਡਸਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਸਿਧਾਂਤਕ ਤੌਰ ’ਤੇ ਠੀਕ ਹਨ ਜਦਕਿ ਸੁਖਬੀਰ ਬਾਦਲ ਤਾਨਾਸ਼ਾਹ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਭਾਜਪਾ ਦੀ ਹਮਾਇਤ ਹੋਣ ਦੇ ਲਾਏ ਜਾ ਰਹੇ ਦੋਸ਼ਾਂ ਬਾਰੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਜਪਾ ਦਾ ਸ਼੍ਰੋਮਣੀ ਕਮੇਟੀ ਦੀ ਚੋਣ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਨਾ ਹੀ ਭਾਜਪਾ ਦਾ ਕੋਈ ਮੈਂਬਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕਿਸੇ ਵੀ ਧਾਰਮਿਕ ਮਾਮਲੇ ਵਿਚ ਦਖਲ ਨਹੀਂ ਦਿੱਤਾ ਜਾਂਦਾ। 

Add a Comment

Your email address will not be published. Required fields are marked *