ਫ਼ਰਜ਼ੀ ਮੁਕਾਬਲਾ: ਦੋ ਸੇਵਾਮੁਕਤ ਪੁਲੀਸ ਅਫ਼ਸਰਾਂ ਨੂੰ ਉਮਰ ਕੈਦ

ਐਸ.ਏ.ਐਸ. ਨਗਰ (ਮੁਹਾਲੀ), 7 ਨਵੰਬਰ                                               

ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਲਗਪਗ ਤਿੰਨ ਦਹਾਕੇ ਪੁਰਾਣੇ ਫਰਜ਼ੀ ਪੁਲੀਸ ਮੁਕਾਬਲੇ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਦੋ ਸੇਵਾਮੁਕਤ ਅਫ਼ਸਰਾਂ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਏਐੱਸਆਈ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਾਮਲੇ ਵਿੱਚ ਨਾਮਜ਼ਦ ਦੋ ਪੁਲੀਸ ਅਫ਼ਸਰਾਂ ਇੰਸਪੈਕਟਰ ਪੂਰਨ ਸਿੰਘ ਅਤੇ ਏਐੱਸਆਈ ਜਗੀਰ ਸਿੰਘ ਦੀ ਟਰਾਇਲ ਦੌਰਾਨ ਮੌਤ ਹੋ ਚੁੱਕੀ ਹੈ।    

ਪੀੜਤ ਪਰਿਵਾਰ ਦੇ ਵਕੀਲਾਂ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਅਪਰੈਲ 1993 ਵਿੱਚ ਥਾਣਾ ਸਦਰ ਤਰਨ ਤਾਰਨ ਦੀ ਪੁਲੀਸ ਨੇ ਸਿੱਖ ਨੌਜਵਾਨ ਹਰਬੰਸ ਸਿੰਘ ਵਾਸੀ ਉਬੋਕੇ (ਤਰਨ ਤਾਰਨ) ਨੂੰ ਪੁੱਛ-ਪੜਤਾਲ ਲਈ ਹਿਰਾਸਤ ਵਿੱਚ ਲਿਆ ਸੀ। ਪੁਲੀਸ ਮੁਤਾਬਕ ਹਰਬੰਸ ਸਿੰਘ ਨੇ ਪੁੱਛ-ਪੜਤਾਲ ਦੌਰਾਨ ਮੰਨਿਆ ਸੀ ਕਿ ਉਸ ਨੇ ਚੰਬਲ ਇਲਾਕੇ ਵਿੱਚ ਹਥਿਆਰ ਲੁਕਾ ਕੇ ਰੱਖੇ ਹੋਏ ਹਨ। ਨੌਜਵਾਨ ਦੇ ਦੱਸਣ ਅਨੁਸਾਰ 15 ਅਪਰੈਲ 1993 ਨੂੰ ਤਰਨ ਤਾਰਨ ਜ਼ਿਲ੍ਹੇ ਦੀ ਪੁਲੀਸ ਹਥਿਆਰ ਬਰਾਮਦ ਕਰਵਾਉਣ ਲਈ ਹਰਬੰਸ ਸਿੰਘ ਨੂੰ ਆਪਣੇ ਨਾਲ ਲਿਜਾ ਰਹੀ ਸੀ ਕਿ ਰਸਤੇ ਵਿੱਚ ਖਾੜਕੂਆਂ ਨੇ ਪੁਲੀਸ ਟੀਮ ’ਤੇ ਫਾਇਰਿੰਗ ਕਰ ਦਿੱਤੀ ਅਤੇ ਮੁਕਾਬਲੇ ਵਿੱਚ ਹਰਬੰਸ ਸਿੰਘ ਅਤੇ ਇਕ ਹੋਰ ਅਣਪਛਾਤਾ ਖਾੜਕੂ ਮਾਰਿਆ ਗਿਆ ਸੀ। ਇਸ ਸਬੰਧੀ ਤਰਨ ਤਾਰਨ ਪੁਲੀਸ ਵੱਲੋਂ ਪੁਲੀਸ ਪਾਰਟੀ ’ਤੇ ਹਮਲਾ ਕਰਨ ਸਬੰਧੀ ਅਣਪਛਾਤੇ ਖਾੜਕੂਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਸੀ। ਪੁਲੀਸ ਨੇ ਦੋਸ਼ ਲਾਇਆ ਸੀ ਕਿ ਹਰਬੰਸ ਸਿੰਘ ਨੂੰ ਪੁਲੀਸ ਹਿਰਾਸਤ ’ਚੋਂ ਛੁਡਾਉਣ ਲਈ ਹੀ ਖਾੜਕੂਆਂ ਨੇ ਫਾਇਰਿੰਗ ਕੀਤੀ ਸੀ। ਦੂਜੇ ਪਾਸੇ ਪੀੜਤ ਪਰਿਵਾਰ ਦੋਸ਼ੀ ਪੁਲੀਸ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਲਈ ਲੰਮਾ ਸਮਾਂ ਤਤਕਾਲੀ ਸਰਕਾਰ ਅਤੇ ਉੱਚ ਪੁਲੀਸ ਅਧਿਕਾਰੀਆਂ ਦੇ ਤਰਲੇ ਕੱਢਦਾ ਰਿਹਾ ਪਰ ਕਿਤੇ ਸੁਣਵਾਈ ਨਾ ਹੋਈ। ਇਸ ਮਗਰੋਂ ਉੱਚ ਅਦਾਲਤ ਦੇ ਹੁਕਮਾਂ ’ਤੇ ਮ੍ਰਿਤਕ ਨੌਜਵਾਨ ਦੇ ਭਰਾ ਪਰਮਜੀਤ ਸਿੰਘ ਦੀ ਸ਼ਿਕਾਇਤ ’ਤੇ 25 ਜਨਵਰੀ 1999 ਨੂੰ ਉਕਤ ਪੁਲੀਸ ਅਧਿਕਾਰੀਆਂ ਖ਼ਿਲਾਫ਼ ਧਾਰਾ 302, 364, 318 ਅਤੇ 34 ਅਧੀਨ ਅਪਰਾਧਿਕ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੀ ਅਦਾਲਤ ਵਿੱਚ ਚੱਲ ਰਹੀ ਸੀ। ਸੀਬੀਆਈ ਵੱਲੋਂ ਮੁੱਢਲੀ ਜਾਂਚ ਮਗਰੋਂ 13 ਦਸੰਬਰ 2002 ਨੂੰ ਉਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਧਾਰਾ 302, 218 ਅਤੇ 120ਬੀ ਅਧੀਨ ਮੁਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਕੇਸ ਦੀ ਸੁਣਵਾਈ ਦੌਰਾਨ ਸੀਬੀਆਈ ਨੇ 17 ਗਵਾਹ ਪੇਸ਼ ਕੀਤੇ ਅਤੇ ਪੀੜਤ ਪਰਿਵਾਰ ਦੇ ਵਕੀਲਾਂ ਨੇ ਤੱਥਾਂ ਦੇ ਆਧਾਰ ’ਤੇ ਉੁਸਾਰੂ ਦਲੀਲਾਂ ਦਿੱਤੀਆਂ। ਲੰਘੀ 27 ਅਕਤੂਬਰ ਨੂੰ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਵੇਂ ਪੁਲੀਸ ਅਫ਼ਸਰਾਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਅੱਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।

Add a Comment

Your email address will not be published. Required fields are marked *