ਕਿਸਾਨਾਂ ਵੱਲੋਂ ‘ਦਿੱਲੀ ਫ਼ਤਿਹ ਦਿਵਸ’ ਮਨਾਉਣ ਦਾ ਫ਼ੈਸਲਾ

ਲੁਧਿਆਣਾ, 10 ਨਵੰਬਰ-: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਦੇਸ਼ ਭਰ ਵਿੱਚ 19 ਤੋਂ 22 ਦਸੰਬਰ ਤੱਕ ਦਿੱਲੀ ਫ਼ਤਿਹ ਦਿਵਸ ਮਨਾਉਂਦਿਆਂ 19 ਦਸੰਬਰ ਨੂੰ ਮੋਰਚੇ ਦੀ ਜਿੱਤ ਦੀ ਖੁਸ਼ੀ ਵਿੱਚ ਆਪਣੇ-ਆਪਣੇ ਘਰਾਂ ’ਚ ਦੀਪਮਾਲਾ ਕਰਨ ਅਤੇ 26 ਨਵੰਬਰ ਨੂੰ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ’ਤੇ ਸਾਰੇ ਰਾਜਾਂ ਵਿੱਚ ਰਾਜਪਾਲਾਂ ਨੂੰ ਕੇਂਦਰ ਨਾਲ ਬਕਾਇਆ ਮੰਗਾਂ ਮਨਵਾਉਣ ਲਈ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਯੂਨੀਅਨ ਦੇ ਅਹੁਦੇਦਾਰਾਂ, ਐਗਜ਼ੈਕਟਿਵ ਮੈਂਬਰਾਂ ਤੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਦੱਸਿਆ ਕਿ 26 ਨਵੰਬਰ ਨੂੰ ਸਵੇਰੇ 11 ਵਜੇ ਪੰਜਾਬ ਭਰ ਤੋਂ ਕਿਸਾਨ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਪਹੁੰਚਣਗੇ ਅਤੇ ਉਥੋਂ ਇਕੱਠੇ ਹੋ ਕੇ ਦੁਪਿਹਰ ਇੱਕ ਵਜੇ ਰਾਜਪਾਲ ਭਵਨਵੱਲ ਮਾਰਚ ਕਰ ਕੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੰਗ ਪੱਤਰ ਰਾਹੀਂ ਕੇਂਦਰ ਸਰਕਾਰ ਵੱਲੋਂ ਦਿੱਲੀ ਕਿਸਾਨ ਅੰਦੋਲਨ ਦੀ ਵਾਪਸੀ ਮੌਕੇ ਕਿਸਾਨਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਮੰਗ ਰੱਖੀ ਕਿ ਸ਼ਾਮਲਾਟ ਜ਼ਮੀਨਾਂ ’ਤੇ ਲੰਬੇ ਸਮੇਂ ਤੋਂ ਖੇਤੀ ਕਰਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਾਲਕੀ ਦਾ ਹੱਕ ਦਿੱਤਾ ਜਾਵੇ ਤੇ ਜੇਕਰ ਸਰਕਾਰ ਨੇ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਯੂਨੀਅਨ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਦਰਜ ਕੀਤੇ ਗਏ ਪਰਚੇ ਅਤੇ ਫਰਦਾਂ ਵਿੱਚ ਪਾਈਆਂ ਲਾਲ ਐਂਟਰੀਆਂ ਫੋਰੀ ਤੌਰ ’ਤੇ ਵਾਪਸ ਲਈਆਂ ਜਾਣ।

ਇਸ ਮੌਕੇ ਅਵਤਾਰ ਸਿੰਘ ਮੇਹਲੋਂ ਅਤੇ ਰਾਮਕਰਨ ਸਿੰਘ ਰਾਮਾ ਸੂਬਾ ਸਕੱਤਰ ਜਨਰਲ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵੱਲੋਂ ਪੰਜਾਬ ਦੀਆਂ ਕਿਸਾਨ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਨਾਲ ਪਿਛਲੇ ਸਮੇਂ ’ਚ ਹੋਈਆਂ ਮੀਟਿੰਗਾਂ ਵਿੱਚ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ।

Add a Comment

Your email address will not be published. Required fields are marked *