ਪੰਜਾਬ ਦੇ 2 ਮੁਸਲਿਮ ਆਬਾਦੀ ਵਾਲੇ ਜ਼ਿਲ੍ਹਿਆਂ ਨੂੰ ‘ਮਾਨ ਸਰਕਾਰ’ ਦੇਵੇਗੀ ਵੱਡਾ ਤੋਹਫ਼ਾ

ਜਲੰਧਰ – ਪੰਜਾਬ ਦੇ 2 ਮੁਸਲਿਮ ਆਬਾਦੀ ਵਾਲੇ ਜ਼ਿਲ੍ਹਿਆਂ ਨੂੰ ਤੋਹਫ਼ੇ ਦੇਣ ਦੀ ਪ੍ਰਕਿਰਿਆ ਪੰਜਾਬ ਸਰਕਾਰ ਨੇ ਸ਼ੁਰੂ ਕਰ ਦਿੱਤੀ ਹੈ। ਮਾਲੇਰਕੋਟਲਾ ’ਚ ਮੈਡੀਕਲ ਕਾਲਜ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ’ਚ ਖੇਤੀਬਾੜੀ ਕਾਲਜ ਬਣਾਉਣ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਮੋਦੀ ਸਰਕਾਰ ਨੇ ਮੈਡੀਕਲ ਕਾਲਜ ਲਈ 325 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ, ਜਦਕਿ 23 ਕਰੋੜ ਰੁਪਏ ਦੀ ਲਾਗਤ ਨਾਲ ਖੇਤੀਬਾੜੀ ਕਾਲਜ ਦੀ ਬਣਨ ਵਾਲੀ ਇਮਾਰਤ ਲਈ ਪੰਜਾਬ ਸਰਕਾਰ ਨੇ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਦੋਂ ਕਿ ਖੇਤੀਬਾੜੀ ਕਾਲਜ ਵੀ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਬਣਨਾ ਹੈ। 

ਮਾਲੇਰਕੋਟਲਾ ’ਚ ਮੈਡੀਕਲ ਕਾਲਜ ਪ੍ਰਧਾਨ ਮੰਤਰੀ ਮੋਦੀ ਦੇ 15 ਸੂਤਰੀ ਪ੍ਰੋਗਰਾਮ ਤਹਿਤ ਘੱਟ ਗਿਣਤੀਆਂ ਦੇ ਆਰਥਿਕ, ਸਮਾਜਿਕ ਅਤੇ ਵਿਦਿਅਕ ਵਿਕਾਸ ਦੀ ਯੋਜਨਾ ਤਹਿਤ ਬਣੇਗਾ। ਇਸ ਲਈ ਕੇਂਦਰ ਦੀ ਮੋਦੀ ਸਰਕਾਰ ਨੇ 325 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਜਦਕਿ 40 ਫੀਸਦੀ ਰਾਸ਼ੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਣੀ ਹੈ। ਦੱਸ ਦੇਈਏ ਕਿ ਮਾਲੇਰਕੋਟਲਾ ਜ਼ਿਲ੍ਹਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਬਣਾਇਆ ਗਿਆ ਸੀ ਅਤੇ ਪਿਛਲੀ ਸਰਕਾਰ ਵੇਲੇ ਵੀ ਮਾਲੇਰਕੋਟਲਾ ’ਚ ਮੈਡੀਕਲ ਕਾਲਜ ਬਣਾਉਣ ਦਾ ਫ਼ੈਸਲਾ ਤਤਕਾਲੀ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਲਿਆ ਗਿਆ ਸੀ। ਪੰਜਾਬ ਸਰਕਾਰ ਇਸ ਕਾਲਜ ਲਈ ਜ਼ਮੀਨ ਵੀ ਦੇਵੇਗੀ। ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਮਾਲੇਰਕੋਟਲਾ ਦੇ ਕੋਟ ਸ਼ੇਰਵਾਨੀ ’ਚ ਮੈਡੀਕਲ ਕਾਲਜ ਬਣਾਇਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਹੈ ਕਿ ਇਹ ਕਾਲਜ ਮਾਲੇਰਕੋਟਲਾ ਨੂੰ ਦੇਸ਼ ਦੇ ਨਕਸ਼ੇ ’ਤੇ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਰੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਕਸਬਾ ਕਲਾਨੌਰ ’ਚ ਖੇਤੀਬਾੜੀ ਕਾਲਜ ਦੀ ਸਥਾਪਨਾ ਨੂੰ ਵੀ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ’ਚ ਅਜਿਹੇ ਪ੍ਰਮੁੱਖ ਵਿਦਿਅਕ ਅਦਾਰੇ ਸਮੇਂ ਦੀ ਲੋੜ ਹੈ। ਇਸੇ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਕੀਤੇ ਜਾ ਰਹੇ ਇਨ੍ਹਾਂ ਦੋਵਾਂ ਵੱਕਾਰੀ ਪ੍ਰਾਜੈਕਟਾਂ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾਵੇਗਾ।

ਮਾਲੇਰਕੋਟਲਾ ਦੇ ਮੈਡੀਕਲ ਕਾਲਜ ਲਈ ਪੰਜਾਬ ਵਕਫ਼ ਬੋਰਡ ਵਲੋਂ 24 ਏਕੜ ਤੋਂ ਵੱਧ ਜ਼ਮੀਨ ਦਿੱਤੀ ਗਈ ਹੈ। ਇਸ ਕਾਲਜ ’ਚ MBBS ਦੇ ਪਹਿਲੇ ਸਾਲ ਲਈ 100 ਸੀਟਾਂ ਹੋਣਗੀਆਂ। ਪੰਜਾਬ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਜਲਦ ਹੀ ਇਨ੍ਹਾਂ ਦੋਵਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਕਲਾਨੌਰ ਵਿਖੇ ਪ੍ਰਸਤਾਵਿਤ ਖੇਤੀਬਾੜੀ ਕਾਲਜ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਧੀਨ ਹੋਵੇਗਾ। ਕਲਾਨੌਰ ’ਚ ਬਣਨ ਵਾਲੇ ਇਸ ਕਾਲਜ ਦੀ ਮਨਜ਼ੂਰੀ ਕੇਂਦਰ ਸਰਕਾਰ ਤੋਂ ਮਿਲ ਗਈ ਹੈ। ਇਸ ਕਾਲਜ ਦੀ ਇਮਾਰਤ ’ਤੇ 23 ਕਰੋੜ ਰੁਪਏ ਦਾ ਖਰਚਾ ਆਉਗਾ ਅਤੇ ਇਸ ਦੀ ਪਹਿਲੀ ਕਿਸ਼ਤ ਜਾਰੀ ਹੋ ਗਈ ਹੈ। ਪੰਜਾਬ ਸਰਕਾਰ ਵਲੋਂ ਜ਼ਮੀਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

Add a Comment

Your email address will not be published. Required fields are marked *