ਸੁਰੱਖਿਆ ਕਾਰਨਾਂ ਕਰਕੇ ਅਦਾਲਤ ’ਚ ਪੇਸ਼ ਨਾ ਹੋਏ ਡੇਰਾ ਪ੍ਰੇਮੀ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ’ਚ ਘਿਰੇ ਪੰਜ ਡੇਰਾ ਪ੍ਰੇਮੀ ਸੁਰੱਖਿਆ ਕਾਰਨਾਂ ਕਰਕੇ ਅੱਜ ਇਥੇ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਚੀਫ਼ ਜੁਡੀਸ਼ਲ ਮੈਜਿਸਟਰੇਟ ਮੋਨਿਕਾ ਲਾਂਬਾ ਨੇ ਉਕਤ ਡੇਰਾ ਪ੍ਰੇਮੀਆਂ ਨੂੰ ਅੱਜ ਵਾਸਤੇ ਨਿੱਜੀ ਪੇਸ਼ੀ ਤੋਂ ਛੋਟ ਦੇ ਕੇ ਇਸ ਮਾਮਲੇ ਦੀ ਸੁਣਵਾਈ 7 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਛੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਦੂਜੇ ਪਾਸੇ ਸੁਨਾਰੀਆ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਵੀ ਅਦਾਲਤ ਨੂੰ ਦੱਸਿਆ ਗਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ 45 ਦਿਨਾਂ ਦੀ ਪੈਰੋਲ ’ਤੇ ਹੋਣ ਕਾਰਨ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦੇ। ਇਸ ਮਗਰੋਂ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਗਲੀ ਪੇਸ਼ੀ ’ਤੇ ਵੀਡੀਓ ਕਾਨਫਰੰਸ ਰਾਹੀਂ ਡੇਰਾ ਮੁਖੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਇਸ ਤੋਂ ਇਲਾਵਾ ਅੱਜ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਬਾਰੇ ਅਦਾਲਤ ਨੂੰ ਲਿਖਤੀ ਤੌਰ ’ਤੇ ਸੂਚਿਤ ਕੀਤਾ, ਜਿਸ ਮਗਰੋਂ ਅਦਾਲਤ ਦੇ ਹੁਕਮਾਂ ’ਤੇ ਪ੍ਰਦੀਪ ਸਿੰਘ ਖ਼ਿਲਾਫ਼ ਕੇਸ ਬੰਦ ਕਰਨ ਦੀ ਰਸਮੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਤਿੰਨੇ ਮਾਮਲਿਆਂ ਦੀ ਅੱਜ ਇੱਥੇ ਪੇਸ਼ੀ ਸੀ।

Add a Comment

Your email address will not be published. Required fields are marked *