ਬੰਦੀ ਸਿੰਘਾਂ ਬਾਰੇ ਬੋਰਡ ਲਾਉਣ ’ਤੇ ਮਿਲੀਆਂ ਧਮਕੀਆਂ

ਰਿਆਣਾ ਦੇ ਚਰਖੀ ਦਾਦਰੀ ’ਚ ਇੱਕ ਗੁਰਦੁਆਰੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੇ ਹੋਰਡਿੰਗ ਬੋਰਡ ਲਗਾਉਣ ’ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੋਸ਼ਲ ਮੀਡੀਆ ਅਤੇ ਕਾਲਾਂ ਰਾਹੀਂ ਇਹ ਹੋਰਡਿੰਗ ਬੋਰਡ ਹਟਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਨੇ ਬੁਲਾਰੇ ਨੇ ਦੱਸਿਆ ਕਿ ਚਰਖੀ ਦਾਦਰੀ ਗੁਰਦੁਆਰੇ ਦੇ ਪ੍ਰਧਾਨ ਨੀਰਜ ਸਿੰਘ ਨੇ ਸਥਾਨਕ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਰਦੁਆਰੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨ ਵਾਲਾ ਬੋਰਡ ਲਗਾਉਣ ਮਗਰੋਂ ਉਨ੍ਹਾਂ ਨੂੰ ਕੁਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਮੰਗਣਾ ਕੋਈ ਗੁਨਾਹ ਨਹੀਂ ਤੇ ਇਹ ਸਾਰੇ ਸਿੱਖਾਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਵਿੱਚ ਲੱਗਿਆ ਪੋਸਟਰ ਵੀ ਇਸੇ ਮੰਗ ਦਾ ਇੱਕ ਹਿੱਸਾ ਹੈ ਅਤੇ ਇਸ ਬੋਰਡ ’ਤੇ ਇਤਰਾਜ਼ ਕਰਨ ਵਾਲੇ ਲੋਕ ਜਾਣ-ਬੁਝ ਕੇ ਇਸ ਮਾਮਲੇ ਨੂੰ ਫਿਰਕੂ ਰੰਗਤ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਗ ਉਠਾਈ ਜਾਵੇਗੀ।

ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਦਾ ਮਾਮਲਾ 26 ਨਵੰਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ’ਚ ਵਿਚਾਰਿਆ ਜਾ ਸਕਦਾ ਹੈ। ਇਸ ਦੀ ਪੁਸ਼ਟੀ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਅਗਲੀ ਇਕੱਤਰਤਾ ’ਚ ਸਿੱਖ ਧਰਮ ਨਾਲ ਸਬੰਧਤ ਵੱਖ-ਵੱਖ ਮਸਲੇ ਵਿਚਾਰੇ ਜਾਣਗੇ। ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਨੁਮਾਇੰਦਿਆਂ ਵਿਚਾਲੇ ਵੀ ਆਪਸੀ ਖਿੱਚੋਤਾਣ ਚੱਲ ਰਹੀ ਹੈ। ਇਸ ਸਬੰਧ ਵਿੱਚ ਇੱਕ ਧੜੇ ਵੱਲੋਂ ਬੀਤੇ ਦਿਨ ਸ੍ਰੀ ਅਕਾਲ ਤਖ਼ਤ ’ਤੇ ਮੰਗ ਪੱਤਰ ਦੇ ਕੇ ਮੌਜੂਦਾ ਮੁਖੀ ’ਤੇ ਗੰਭੀਰ ਦੋਸ਼ ਲਾਉਂਦਿਆਂ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

Add a Comment

Your email address will not be published. Required fields are marked *