ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ

ਗੁਰਦਾਸਪੁਰ, 19 ਨਵੰਬਰ– ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਅੱਜ ਸਥਾਨਕ ਪੁਲੀਸ ਨੇ ਉਸ ਦੇ ਗੁਰਦਾਸਪੁਰ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੋਨੀ ਖ਼ਿਲਾਫ਼ ਸ੍ਰੀ ਹਰਿਮੰਦਰ ਸਾਹਿਬ ਤੇ ਸਿੱਖ ਜਥੇਬੰਦੀਆਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਲੰਘੇ ਵੀਰਵਾਰ ਕੇਸ ਦਰਜ ਕੀਤਾ ਗਿਆ ਸੀ। ਇਸ ਮਗਰੋਂ ਸਿੱਖ ਸੰਗਠਨਾਂ ਨੇ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰ ਕੇ ਸੋਨੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਕੇਸ ਦਰਜ ਹੋਣ ਮਗਰੋਂ ਹੁਣ ਤੱਕ ਹਰਵਿੰਦਰ ਸੋਨੀ ਘਰ ਵਿੱਚ ਹੀ ਨਜ਼ਰਬੰਦ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰੀ ਦੀ ਮੰਗ ਬਾਰੇ ਕੁਝ ਸਿੱਖ ਜਥੇਬੰਦੀਆਂ ਨੇ ਪੁਲੀਸ ਤੇ ਪ੍ਰਸ਼ਾਸਨ ਨੂੰ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਸੋਨੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਜਿਸ ਮਗਰੋਂ ਅੱਜ ਬਾਅਦ ਦੁਪਹਿਰ 3 ਵਜੇ ਸੋਨੀ ਨੂੰ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਕੇ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਇਹ ਕਾਰਵਾਈ ਇਸ ਮਾਮਲੇ ਸਬੰਧੀ ਬਣਾਈ ਗਈ ਜਾਂਚ ਟੀਮ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਡੀਐੱਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅੱਜ ਸੋਨੀ ਨੂੰ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਸੋਨੀ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।  

Add a Comment

Your email address will not be published. Required fields are marked *