ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮੁੱਦਾ ਭਖਿਆ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ ਲਈ ਜ਼ਮੀਨ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇੱਕ ਪਾਸੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਬੀਤੇ ਦਿਨੀਂ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਜ਼ਮੀਨ ਦੇਣ ਬਾਰੇ ਚਰਚਾ ਕੀਤੀ ਹੈ, ਉੱਥੇ ਹੀ ਅੱਜ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਖ਼ਿਲਾਫ਼ ਡੱਟ ਗਈਆਂ ਹਨ।

ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹੈ, ਇਸ ਲਈ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿੱਤੀ ਜਾਵੇਗੀ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਪੰਜਾਬ ਦੀ ਰਾਜਧਾਨੀ ਵਜੋਂ ਵਿਕਸਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬੀਆਂ ਨੂੰ ਧੋਖਾ ਦੇ ਕੇ ਚੰਡੀਗੜ੍ਹ ਨੂੰ ਆਰਜ਼ੀ ਤੌਰ ’ਤੇ ਹਰਿਆਣਾ ਦੀ ਰਾਜਧਾਨੀ ਬਣਨ ਦਿੱਤਾ ਅਤੇ ਚੰਡੀਗੜ੍ਹ ਵਿੱਚ ਹਰਿਆਣਾ ਦੇ ਦਫ਼ਤਰ ਬਣ ਗਏ। ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜੇਕਰ ਹਰਿਆਣਾ ਨੂੰ ਵਿਧਾਨ ਸਭਾ ਦੀ ਇਮਾਰਤ ਛੋਟੀ ਲੱਗਦੀ ਹੈ ਤਾਂ ਉਹ ਪੰਚਕੂਲਾ ਜਾਂ ਆਪਣੇ ਕਿਸੇ ਹੋਰ ਸ਼ਹਿਰ ਵਿੱਚ ਵਿਧਾਨ ਸਭਾ ਬਣਾ ਲਵੇ। ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੇਣ ਦੇ ਫ਼ੈਸਲੇ ਦਾ ਡੱਟ ਕੇ ਵਿਰੋਧ ਕਰੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਹਰਿਆਣਾ ਸਰਕਾਰ ਨੂੰ ਯੂਟੀ ਵਿੱਚ ਵੱਖਰੀ ਵਿਧਾਨ ਸਭਾ ਸਥਾਪਤ ਕਰਨ ਵਾਸਤੇ ਜ਼ਮੀਨ ਦੇਣ ਦੀ ਤਜਵੀਜ਼ ਨੂੰ ਨਾਮਨਜ਼ੂਰ ਕਰ ਦੇਣ। ਮਜੀਠੀਆ ਨੇ ਕਿਹਾ ਹੈ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਹਰਿਆਣਾ ਸਰਕਾਰ ਬਿਨਾਂ ਪਿੱਤਰੀ ਰਾਜ ਦੀ ਰਜ਼ਾਮੰਦੀ ਦੇ ਜ਼ਮੀਨ ਦੀ ਮੰਗ ਨਹੀਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਬੇਨਤੀ ਪੰਜਾਬ ਪੁਨਰਗਠਨ ਐਕਟ 1966, ਰਾਜੀਵ-ਲੌਂਗੋਵਾਲ ਸਮਝੌਤੇ ਅਤੇ ਸੰਘੀ ਢਾਂਚੇ ਦੀ ਭਾਵਨਾ ਦੇ ਉਲਟ ਹੈ। ਇਸ ਬੇਨਤੀ ’ਤੇ ਇਕ ਪਾਸੜ ਫ਼ੈਸਲਾ ਪੰਜਾਬ ਨਾਲ ਵਿਤਕਰਾ ਹੋਵੇਗਾ। ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ ਦੀ ਸਥਾਪਨਾ ਖਰੜ ਤਹਿਸੀਲ ਦੇ 22 ਪੰਜਾਬੀ ਬੋਲਦੇ ਪਿੰਡਾਂ ਦਾ ਉਜਾੜਾ ਕਰ ਕੇ ਕੀਤੀ ਗਈ ਸੀ। ਇਸ ਸਦਕਾ ਚੰਡੀਗੜ੍ਹ ’ਤੇ ਪੰਜਾਬ ਦਾ ਕੁਦਰਤੀ ਅਧਿਕਾਰ ਬਣ ਜਾਂਦਾ ਹੈ ਅਤੇ ਇਸ ਤੱਥ ਦਾ ਕੇਂਦਰ ਸਰਕਾਰ ਜਾਂ ਹਰਿਆਣਾ ਨੇ ਕਦੇ ਵੀ ਖੰਡਨ ਨਹੀਂ ਕੀਤਾ।

ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਹਿੱਸਾ ਹੈ, ਇਸ ਲਈ ਇੱਥੋਂ ਦੀ ਜ਼ਮੀਨ ਕਿਸੇ ਹੋਰ ਨੂੰ ਤਬਦੀਲ ਕਰਨ ਦਾ ਹੱਕ ਕਿਸੇ ਕੋਲ ਨਹੀਂ ਹੈ। ਹਰਿਆਣਾ ਸਰਕਾਰ ਆਪਣੀ ਵਿਧਾਨ ਸਭਾ ਪੰਚਕੂਲਾ ਵਿੱਚ ਬਣਾ ਸਕਦੀ ਹੈ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਲਈ ਰੇਲਵੇ ਸਟੇਸ਼ਨ ਨਾਲ ਲਗਦੀ ਜ਼ਮੀਨ ’ਤੇ ਅੱਖ ਰੱਖੀ ਬੈਠਾ ਹੈ। ਇਸ ਜ਼ਮੀਨ ਦਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੌਰਾ ਕੀਤਾ ਸੀ। ਇਸ ਬਦਲੇ ਹਰਿਆਣਾ ਸਰਕਾਰ ਨੇ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 10 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼ ਵੀ ਕੀਤੀ ਹੈ।

Add a Comment

Your email address will not be published. Required fields are marked *