ਬਾਦਲ ਪਰਿਵਾਰ ਤੋਂ ਮੁਕਤ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਂਗੀ ਮਜ਼ਬੂਤ-ਬੀਬੀ ਜਗੀਰ ਕੌਰ 

ਟਾਂਡਾ ਉੜਮੁੜ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਹਲਕਾ ਉੜਮੁੜ ਟਾਂਡਾ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਅਤੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਮਨਜੀਤ ਸਿੰਘ ਦਸੂਹਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲ ਦਲ ਅਤੇ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਵਾਲੀਆਂ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਨਿਸ਼ਕਾਮ ਮਿਹਨਤ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਕਹਾਉਣ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਜਿਸ ਪ੍ਰਧਾਨ ਦੀ ਅਗਵਾਈ ਵਿਚ ਪਾਰਟੀ ਬੁਰੀ ਤਰ੍ਹਾਂ ਦੋ ਵਾਰ ਚੋਣ ਹਾਰ ਜਾਏ, ਉਸ ਨੂੰ ਪ੍ਰਧਾਨਗੀ ਦਾ ਕੀ ਹੱਕ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ’ਤੇ ਜਬਰੀ ਕਬਜ਼ਾ ਕਰਕੇ ਬੈਠੇ ਹਨ, ਉਸ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਵੀ ਗਿਰਾਵਟ ਵੱਲ ਜਾ ਰਿਹਾ ਹੈ। ਬਾਦਲ ਪਰਿਵਾਰ ਨੇ ਸਾਰੇ ਪੰਥਕ ਏਜੰਡੇ ਵਿਸਾਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਲਿਮਟਿਡ ਕੰਪਨੀ ਬਣਾ ਕੇ ਰੱਖ ਦਿੱਤਾ ਹੈ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨਾਲ ਪਿਆਰ ਕਰਨ ਵਾਲੇ ਲੋਕ ਇਸ ਵਿਚ ਘੁਟਣ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜੋ ਝੂੰਦਾ ਕਮੇਟੀ ਦੀ ਰਿਪੋਰਟ ਆਈ ਸੀ, ਉਸ ਵਿਚ ਸਾਫ਼ ਲਿਖਿਆ ਸੀ ਕਿ ਜੇ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣਾ ਹੈ ਤਾਂ ਬਾਦਲ ਪਰਿਵਾਰ ਨੂੰ ਪਿੱਛੇ ਕਰਨਾ ਪਵੇਗਾ। ਉਸ ਰਿਪੋਰਟ ਨੂੰ ਇਨ੍ਹਾਂ ਨੇ ਖ਼ੁਰਦ-ਬੁਰਦ ਕਰਕੇ ਰੱਖ ਦਿੱਤਾ। ਬੀਬੀ ਜਗੀਰ ਕੌਰ ਨੇ ਸਾਰੇ ਸ਼੍ਰੋਮਣੀ ਅਕਾਲੀ ਦਲ ਨਾਲ ਪਿਆਰ ਕਰਨ ਵਾਲਿਆਂ ਨੂੰ ਕਮਰਕੱਸੇ ਕਰਨ ਦੀ ਬੇਨਤੀ ਕੀਤੀ ਅਤੇ ਬਾਦਲ ਪਰਿਵਾਰ ਦੇ ਕਬਜ਼ੇ ਵਿਚੋਂ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ ਸਹਿਯੋਗ ਦੇਣ ਦੀ ਮੰਗ ਕੀਤੀ। ਇਸ ਮੌਕੇ ਮਨਜੀਤ ਸਿੰਘ ਦਸੂਹਾ ਨੇ ਬੀਬੀ ਜਗੀਰ ਕੌਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ ਅਤੇ ਬੀਬੀ ਜਗੀਰ ਕੌਰ ਦੇ ਹਰ ਹੁਕਮ ’ਤੇ ਪਹਿਰਾ ਦੇਣ ਲਈ ਅੱਗੇ ਹੋ ਕੇ ਕੰਮ ਕਰਨਗੇ।

ਇਸ ਮੌਕੇ ਜ਼ਿਲਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ, ਅਵਤਾਰ ਸਿੰਘ ਜੌਹਲ, ਸੁਖਵਿੰਦਰ ਸਿੰਘ ਮੂਨਕ, ਪਰਮਿੰਦਰ ਸਿੰਘ ਪੰਨੂ, ਅਮਰੀਕ ਸਿੰਘ ਮੁਕੇਰੀਆਂ, ਮਨਪ੍ਰੀਤ ਸਿੰਘ ਹੁਸ਼ਿਆਰਪੁਰ, ਸੁਰਜੀਤਪਾਲ ਲਾਲ, ਸੁਰਿੰਦਰ ਜਾਜਾ, ਸੁਖਵਿੰਦਰ ਸਿੰਘ ਬਿੱਲਾ ਜੌਹਲ, ਕੁਲਵਿੰਦਰ ਸਿੰਘ ਸੰਨੀ ਡੱਡੀਆ, ਕਿਰਪਾਲ ਸਿੰਘ ਜਾਜਾ, ਸੁਰਿੰਦਰ ਸਿੰਘ ਠਾਕਰੀ, ਮੁਖਤਿਆਰ ਸਿੰਘ ਸੱਲਾ, ਮਨਸਾ ਸਿੰਘ ਰਾਵਾ, ਗੁਰਪ੍ਰੀਤ ਸਿੰਘ ਕਾਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Add a Comment

Your email address will not be published. Required fields are marked *