ਮੋਗਾ ਦੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੂੰ ਪਾਰਟੀ ’ਚੋਂ ਕੱਢਿਆ

ਮੋਗਾ, 28 ਨਵੰਬਰ– ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਮੋਗਾ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਹੇਠ ਅੱਜ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਕਮਲਜੀਤ ਬਰਾੜ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦਾ ਸਪੁੱਤਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਮਲਜੀਤ ਬਰਾੜ ਨੇ ਪਿਛਲੇ ਸਮੇਂ ਦੌਰਾਨ ਕਈ ਵਾਰ ਅਕਸਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਮੁਹਿੰਮ ਦੇ ਪੱਖ ਵਿੱਚ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ, ਜਿਸ ਕਰਕੇ ਅੱਜ ਉਸ ਨੂੰ ਪਾਰਟੀ ਤੋਂ ਵੱਖ ਕਰ ਦਿੱਤਾ ਗਿਆ ਹੈ।

ਪਾਰਟੀ ਵਿੱਚੋਂ ਕੱਢੇ ਜਾਣ ਮਗਰੋਂ ਕਮਲਜੀਤ ਸਿੰਘ ਬਰਾੜ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੇ ਆਪਣੇ ਹਲਕੇ ਵਿੱਚ ਕਾਂਗਰਸ ਜਿਊਂਦੀ ਰੱਖੀ ਤੇ ਕਾਨਫਰੰਸਾਂ ਵਿੱਚ ਸਭ ਤੋਂ ਵੱਧ ਇਕੱਠ ਜੁਟਾਇਆ। ਕਮਲਜੀਤ ਨੇ ਦੋਸ਼ ਲਾਇਆ ਕਿ ਉਸ ਨੂੰ ਕਾਂਗਰਸ ਨੇ ਨਹੀਂ, ਸਗੋਂ ਰਾਜਾ ਵੜਿੰਗ ਨੇ ਪਾਰਟੀ ਵਿੱਚੋਂ ਕੱਢਿਆ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਨੇ ਕਮਲਜੀਤ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਉਸ ਦੀ ਥਾਂ ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ ਤੇ ਹੁਣ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਕਮਲਜੀਤ ਨੇ ਨਰਿੰਦਰ ਪਾਲ ਲਾਲੀ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਬਾਹਰ ਕੱਢਣ ’ਤੇ ਵੀ ਰਾਜਾ ਵੜਿੰਗ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਉਸ ਨੇ ਦਲੀਲ ਦਿੱਤੀ ਸੀ ਕਿ ਜੇਕਰ ਕੋਈ ਨੌਜਵਾਨ ਪਾਰਟੀ ਵਿੱਚ ਰਹਿੰਦਾ ਹੋਇਆ ਸਿੱਖੀ ਦੀ ਗੱਲ ਕਰਦਾ ਜਾਂ ਭਾਈ ਅਮ੍ਰਿੰਤਪਾਲ ਸਿੰਘ ਦੇ ਚੰਗੇ ਵਿਚਾਰਾਂ ਨੂੰ ਪ੍ਰਚਾਰਦਾ ਹੈ ਤਾਂ ਇਸ ਵਿੱਚ ਗ਼ਲਤ ਕੀ ਹੈ। ਦੋਵੇਂ ਆਗੂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ। ਇਸ ਸਬੰਧੀ ਕਮਲਜੀਤ ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਨ ਵਾਲੀ ਪਾਰਟੀ ਹੈ ਤੇ ਉਨ੍ਹਾਂ ਪਾਰਟੀ ਨੂੰ ਨਹੀਂ ਛੱਡਿਆ। ਉਨ੍ਹਾਂ ‘ਆਪ’ ਜਾਂ ਭਾਜਪਾ ਵਿੱਚ ਚਲੇ ਜਾਣ ਬਾਰੇ ਸੋਚਣ ਤੋਂ ਵੀ ਇਨਕਾਰ ਕਰ ਦਿੱਤਾ।

Add a Comment

Your email address will not be published. Required fields are marked *