ਰਾਸ਼ਟਰਪਤੀ ਦੀ ਆਮਦ ਮੌਕੇ ਪੰਜਾਬ ਦੇ ਮੁੱਖ ਮੰਤਰੀ ਮੁੜ ਗ਼ੈਰਹਾਜ਼ਰ


ਚੰਡੀਗੜ੍ਹ, 30 ਨਵੰਬਰ
– ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਡੇਢ ਮਹੀਨੇ ਵਿੱਚ ਰਾਸ਼ਟਰਪਤੀ ਦੀ ਦੂਜੀ ਫੇਰੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ 29 ਨਵੰਬਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਗੀਤਾ ਮਹਾਉਤਸਵ ਦਾ ਉਦਘਾਟਨ ਕਰਨ ਮਗਰੋਂ ਦੇਰ ਸ਼ਾਮ ਚੰਡੀਗੜ੍ਹ ਸਥਿਤ ਹਰਿਆਣਾ ਰਾਜ ਭਵਨ ਪਹੁੰਚੇ ਸਨ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਪਹੁੰਚ ਕੇ ਰਾਸ਼ਟਰਪਤੀ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦਰੋਮਦੀ ਮੁਰਮੂ ਭਾਵੇਂ ਹਰਿਆਣਾ ਸਰਕਾਰ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ, ਪਰ ਸ਼ਾਮ ਨੂੰ ਰਾਜਧਾਨੀ ਚੰਡੀਗੜ੍ਹ ਵਿੱਚ ਆਉਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਉਸ ਤੋਂ ਬਾਅਦ 30 ਨਵੰਬਰ ਨੂੰ ਵੀ ਦੁਪਹਿਰ ਤੱਕ ਰਾਸ਼ਟਰਪਤੀ ਚੰਡੀਗੜ੍ਹ ਵਿੱਚ ਰਹੇ ਪਰ ਪੰਜਾਬ ਦੇ ਮੁੱਖ ਮੰਤਰੀ ਮੁਲਾਕਾਤ ਲਈ ਨਹੀਂ ਪਹੁੰਚੇ।

ਹਵਾਈ ਸੈਨਾ ਦਿਵਸ ਮੌਕੇ ਵੀ ਗ਼ੈਰਹਾਜ਼ਰ ਰਹੇ ਸਨ ਭਗਵੰਤ ਮਾਨ

ਭਾਰਤੀ ਹਵਾਈ ਸੈਨਾ ਦਿਵਸ ’ਤੇ 8 ਅਕਤੂਬਰ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਚੰਡੀਗੜ੍ਹ ਪਹੁੰਚੇ ਸਨ। ਉਸ ਸਮੇਂ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੈਰ ਹਾਜ਼ਰ ਰਹੇ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦੀ ਫੇਰੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਬਾਰੇ ਰਾਸ਼ਟਰਪਤੀ ਦੀ ਹਾਜ਼ਰੀ ਵਿੱਚ ਨਰਾਜ਼ਗੀ ਜਾਹਿਰ ਕੀਤੀ ਸੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਨੂੰ ਗ਼ਰਸੰਵਿਧਾਨਕ ਕਰਾਰ ਦਿੱਤਾ ਸੀ। ਰਾਜਪਾਲ ਦੀ ਨਾਰਾਜ਼ਗੀ ਕਰਕੇ ਇਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ। ਦੱਸਣਯੋਗ ਹੈ ਡੇਢ ਮਹੀਨੇ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਵਾਰ ਚੰਡੀਗੜ੍ਹ ਪਹੁੰਚੇ ਸਨ, ਦੋਵੇਂ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਚੋਣਾਂ ਵਿੱਚ ਰੁਝੇ ਹੋਣ ਕਰਕੇ ਰਾਸ਼ਟਰਪਤੀ ਨਾਲ ਮੁਲਾਕਾਤ ਨਹੀਂ ਕਰ ਸਕੇ। ਮੁੱਖ ਮੰਤਰੀ ਦੀ ਗੈਰ ਹਾਜ਼ਰੀ ਸਿਆਸੀ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

Add a Comment

Your email address will not be published. Required fields are marked *