ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼

ਆਨੰਦਪਰ ਸਾਹਿਬ, 1 ਦਸੰਬਰ– : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਲੜੀ ਤਹਿਤ ਤਖ਼ਤ ਕੇਸਗੜ੍ਹ ਸਾਹਿਬ ’ਚ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕਰਨ ਮਗਰੋਂ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਜਥੇਦਾਰ ਸਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਤੇ ਵੱਡੀ ਗਿਣਤੀ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਤਹਿਤ ਫਾਰਮ ਭਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹਰ ਸ਼ਹਿਰ, ਹਰ ਪਿੰਡ, ਹਰ ਮੁਹੱਲੇ ਤੇ ਹਰ ਘਰ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੇਂਦਰੀ ਸਰਕਾਰ ਨੇ ਰਿਹਾਈ ਨਾ ਕੀਤੀ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਸ੍ਰੀ ਧਾਮੀ ਨੇ ਹਰ ਵਰਗ ਦੇ ਲੋਕਾਂ ਨੂੰ ਧਰਮ ਤੇ ਜਾਤ ਦੇ ਵਖਰੇਵੇਂ ਤੋਂ ਉੱਪਰ ਉੱਠ ਕੇ ਇਸ ਮੁਹਿੰਮ ’ਚ ਸਾਥ ਦੇਣ ਦੀ ਅਪੀਲ ਕੀਤੀ। ਸ੍ਰੀ ਧਾਮੀ ਨੇ ਕਿਹਾ ਕਿ ਮਨੁੱਖਤਾ ਦੇ ਹਿਤੈਸ਼ੀ ਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਇਸ ਮੁੱਦੇ ’ਤੇ ਵੀ ਇੱਕਠੇ ਹੋਣ ਦੀ ਲੋੜ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਵਿੱਢੀ ਗਈ ਦਸਤਖ਼ਤ ਮੁਹਿੰਮ ਤਹਿਤ ਸ੍ਰੀ ਦਰਬਾਰ ਸਾਹਿਬ ਸਮੂਹ, ਤਖ਼ਤ ਕੇਸਗੜ੍ਹ ਸਾਹਿਬ ਤੇ ਤਖ਼ਤ ਦਮਦਮਾ ਸਾਹਿਬ ਸਮੇਤ ਪੰਜਾਬ ਤੇ ਹਰਿਆਣਾ ਦੇ 25 ਗੁਰਦੁਆਰਿਆਂ ਵਿੱਚ ਦਸਤਖ਼ਤ ਕੇਂਦਰ ਸਥਾਪਤ ਕਰਕੇ ਸੰਗਤ ਤੋਂ ਪਰਫਾਰਮੇ ਭਰਵਾਉਣ ਦਾ ਕੰਮ ਆਰੰਭ ਦਿੱਤਾ ਗਿਆ ਹੈ। ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਗੁਰੂ ਰਾਮਦਾਸ ਸਰਾਂ ਨੇੜੇ ਬਣਾਏ ਗਏ ਕੇਂਦਰ ਤੋਂ ਇਸ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਅਰਦਾਸ ਕਰਕੇ ਕੀਤੀ। ਸ਼੍ਰੋਮਣੀ ਕਮੇਟੀ ਨੇ ਅੱਜ ਇਕੋ ਸਮੇਂ 25 ਗੁਰਦੁਆਰਿਆਂ ਤੋਂ ਇਹ ਮੁਹਿੰਮ ਵਿੱਢੀ ਹੈ। ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਡਿਜੀਟਲ ਮਾਧਿਅਮ ਰਾਹੀਂ ਮੁਹਿੰਮ ਨੂੰ ਵਿਸ਼ਵ ਪੱਧਰ ਤੱਕ ਲਿਜਾਇਆ ਜਾਵੇਗਾ। ਵਿਦੇਸ਼ਾਂ ’ਚ ਰਹਿ ਰਹੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਵਿਸ਼ੇਸ਼ ਗੂਗਲ ਫਾਰਮ ਤਿਆਰ ਕੀਤਾ ਗਿਆ ਹੈ, ਜਿਸ ਨੂੰ ਭਰਨ ਲਈ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੇ ਸੋਸ਼ਲ ਮੀਡੀਆ ਮੰਚਾਂ ’ਤੇ ਲਿੰਕ ਮੁਹੱਈਆ ਕਰਵਾਇਆ ਜਾਵੇਗਾ।

Add a Comment

Your email address will not be published. Required fields are marked *