ਮਾਸਟਰ ਕੇਡਰ ਭਰਤੀ ਦੇ ਉਮੀਦਵਾਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ

ਸੰਗਰੂਰ, 11 ਦਸੰਬਰ

4161 ਮਾਸਟਰ ਕੇਡਰ ਦੀ ਕਾਊਂਸਲਿੰਗ ਕਰਵਾ ਚੁੱਕੇ ਉਮੀਦਵਾਰਾਂ ਵੱਲੋਂ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਮੀਦਵਾਰਾਂ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਦੌਰਾਨ ਕਾਊਂਸਲਿੰਗ ਹੋਈ ਨੂੰ ਦੋ ਮਹੀਨੇ ਬੀਤ ਚੁੱਕੇ ਹਨ ਪਰ ਇਸ ਦੇ ਬਾਵਜੂਦ ਅਜੇ ਤੱਕ ਭਰਤੀ ਮੁਕੰਮਲ ਕਰ ਕੇ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ।

ਮਾਸਟਰ ਕੇਡਰ ਦੀਆਂ 4161 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਮਗਰੋਂ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਉਮੀਦਵਾਰ ਅੱਜ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਪੁੱਜੇ ਜਿੱਥੇ ਪਹਿਲਾਂ ਤੋਂ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਅੱਗੇ ਨਹੀਂ ਜਾਣ ਦਿੱਤਾ ਜਿਸ ਕਾਰਨ ਪ੍ਰਦਰਸ਼ਨਕਾਰੀ ਉਮੀਦਵਾਰਾਂ ਵੱਲੋਂ ਕਲੋਨੀ ਦੇ ਸਾਹਮਣੇ ਵਾਲੀ ਮੁੱਖ ਸੜਕ ’ਤੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੇ ਪ੍ਰਮੁੱਖ ਆਗੂਆਂ ਸੁਖਜੀਤ ਸਿੰਘ, ਗੁਰਮੇਲ ਸਿੰੰਘ ਕੁਲਰੀਆਂ ਅਤੇ ਚਮਕੌਰ ਸਿੰਘ ਨੇ ਕਿਹਾ ਕਿ 4161 ਮਾਸਟਰ ਕੇਡਰ ਅਧਿਆਪਕਾਂ ਦੀ ਭਰਤੀ ਲਈ ਉਹ ਕਾਊਂਸਲਿੰਗ ਵੀ ਕਰਵਾ ਚੁੱਕੇ ਹਨ ਪਰ ਦੋ ਮਹੀਨੇ ਬੀਤਣ ਦੇ ਬਾਵਜੂਦ ਅਜੇ ਤੱਕ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਗਈ ਅਤੇ ਭਰਤੀ ਪ੍ਰਕਿਰਿਆ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 4161 ਮਾਸਟਰ ਕੇਡਰ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਨਾ ਕੀਤੇ ਜਾਣ ਕਾਰਨ ਉਮੀਦਵਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਕਾਰਨ ਉਮੀਦਵਾਰਾਂ ਨੂੰ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਆਪਣੀ ਆਵਾਜ਼ ਬੁਲੰਦ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕਾਊਂਸਲਿੰਗ ਕਰਵਾ ਚੁੱਕੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇ ਅਤੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁੱਜੇ ਡਿਊਟੀ ਮੈਜਿਸਟਰੇਟ ਵੱਲੋਂ 4161 ਮਾਸਟਰ ਕੇਡਰ ਉਮੀਦਵਾਰਾਂ ਨੂੰ 28 ਦਸੰਬਰ ਦੀ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਦਾ ਪੱਤਰ ਸੌਂਪਿਆ ਗਿਆ ਜਿਸ ਮਗਰੋਂ ਧਰਨਾ ਸਮਾਪਤ ਹੋਇਆ। ਇਸ ਮੌਕੇ ਰੇਸ਼ਮ ਸਿੰਘ, ਕੁਲਦੀਪ ਸਿੰਘ, ਰਮਨਪ੍ਰੀਤ ਕੌਰ, ਬਲਵੀਰ ਸਿੰਘ, ਹਰਪ੍ਰੀਤ ਕੌਰ, ਮਨਦੀਪ ਕੌਰ, ਜਸਮੀਤ ਸਿੰਘ ਆਦਿ ਵੀ ਮੌਜੂਦ ਸਨ।

Add a Comment

Your email address will not be published. Required fields are marked *