ਚੰਡੀਗੜ੍ਹ ’ਚ ਦਾਖ਼ਲ ਨਹੀਂ ਹੋਣਗੀਆਂ ਬਾਦਲਾਂ ਅਤੇ ਹੋਰ ਨਿੱਜੀ ਅਪਰੇਟਰਾਂ ਦੀਆਂ ਬੱਸਾਂ

ਚੰਡੀਗੜ੍ਹ, 13 ਦਸੰਬਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਸੂਬਾ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਅੰਤਰ-ਰਾਜੀ ਰੂਟਾਂ ’ਤੇ ਬਾਦਲ ਪਰਿਵਾਰ ਤੇ ਵੱਡੇ ਬੱਸ ਆਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਤੱਕ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਕਥਿਤ ਤੌਰ ’ਤੇ ਨਿੱਜੀ ਕਾਰੋਬਾਰ ਲਈ ਯੋਜਨਾਵਾਂ ਬਣਾਈਆਂ ਤੇ ਬਾਅਦ ਵਿੱਚ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ ਜਿਸ ’ਚ ਸਰਕਾਰ ਦੀ ਹਿੱਸੇਦਾਰੀ ਘਟਾ ਕੇ ਵੱਡੇ ਬੱਸ ਆਪਰੇਟਰਾਂ ਨੂੰ ਫ਼ਾਇਦਾ ਪਹੁੰਚਾਇਆ ਗਿਆ। ਇਸ ਦਾ ਸਿੱਧਾ ਲਾਭ ਬਾਦਲ ਪਰਿਵਾਰ ਨੂੰ ਮਿਲਿਆ ਤੇ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਲਗਾਤਾਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ’ਤੇ ਢਾਹ ਲਾਈ ਜਾਂਦੀ ਰਹੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਪੰਜਾਬ ਟਰਾਂਸਪੋਰਟ ਸਕੀਮ-2018’ ਵਿੱਚ ਸੋਧ ਕਰ ਕੇ ਇਸ ਨੂੰ ‘ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022’ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਕੀਮ ਦੀ ਕਲਾਜ਼-3 ਦੇ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਹਿੱਸੇਦਾਰੀ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ’ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ।

Add a Comment

Your email address will not be published. Required fields are marked *