ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ

ਚੰਡੀਗੜ੍ਹ:ਬਜ਼ੁਰਗ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਇਥੇ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਸਾਬਕਾ ਸੰਸਦ ਮੈਂਬਰ ਬ੍ਰਹਮਪੁਰਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਉਨ੍ਹਾਂ ਅੱਜ ਪੀਜੀਆਈ ਵਿੱਚ ਆਖਰੀ ਸਾਹ ਲਏ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਪਾਰਟੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬ੍ਰਹਮਪੁਰਾ ਦਾ ਸਸਕਾਰ ਬੁੱਧਵਾਰ ਨੂੰ ਤਰਨ ਤਾਰਨ ਜ਼ਿਲ੍ਹੇ ਵਿਚਲੇ ਉਨ੍ਹਾਂ ਦੇ ਪਿੰਡ ਬ੍ਰਹਮਪੁਰਾ ਵਿੱਚ ਹੋਵੇਗਾ। ਸ੍ਰੀ ਬ੍ਰਹਮਪੁਰਾ ਨੂੰ ਅਜੇ ਪਿੱਛੇ ਜਿਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਰ ਕਮੇਟੀ ਦੇ ਕੀਤੇ ਪੁਨਰਗਠਨ ਮੌਕੇ ਸ਼੍ਰੋਮਣੀ ਅਕਾਲੀ ਦਲ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਸੀ। ਚਾਰ ਵਾਰ ਵਿਧਾਇਕ ਰਹੇ ਸ੍ਰੀ ਬ੍ਰਹਮਪੁਰਾ ਨੇ 2014 ਤੋਂ 2019 ਦੇ ਅਰਸੇ ਦੌਰਾਨ ਖਡੂਰ ਸਾਹਿਬ ਸੰਸਦੀ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਨੂੰ ਅਕਸਰ ‘ਮਾਝੇ ਦਾ ਜਰਨੈਲ’ ਵੀ ਕਿਹਾ ਜਾਂਦਾ ਸੀ। ਸ੍ਰੀ ਬ੍ਰਹਮਪੁਰਾ ਦਸੰਬਰ 2021 ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ ਸਨ। ਪਾਰਟੀ ਲੀਡਰਸ਼ਿਪ ਖਿਲਾਫ਼ ਬਗ਼ਾਵਤ ਦਾ ਝੰਡਾ ਚੁੱਕਣ ਮਗਰੋਂ ਬ੍ਰਹਮਪੁਰਾ ਨੂੰ 2018 ਵਿੱਚ ਪਾਰਟੀ ’ਚੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਂ ਦੀ ਆਪਣੀ ਵੱਖਰੀ ਪਾਰਟੀ ਵੀ ਬਣਾਈ ਸੀ। ਮੁੁੱਖ ਮੰਤਰੀ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਸਣੇ ਹੋਰ ਕਈ ਸਿਆਸੀ ਆਗੂਆਂ ਨੇ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਬਜ਼ੁਰਗ ਅਕਾਲੀ ਆਗੂ ਦੇ ਅਕਾਲ ਚਲਾਣੇ ’ਤੇ ਬ੍ਰਹਮਪੁਰਾ ਪਰਿਵਾਰ ਕੋਲ ਦੁੱਖ ਪ੍ਰਗਟਾਇਆ ਹੈ। 

ਉਧਰ ਸੁਖਬੀਰ ਬਾਦਲ ਨੇ ਬ੍ਰਹਮਪੁਰਾ ਦੇ ਅਕਾਲ ਚਲਾਣੇ ਨੂੰ ਪੰਥ, ਪੰਜਾਬ ਤੇ ਪਾਰਟੀ ਲਈ ਵੱਡਾ ਘਾਟਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਘਾਟੇ ਨੂੰ ਪੂਰਨਾ ਮੁਸ਼ਕਲ ਹੋਵੇਗਾ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਕ ਟਵੀਟ ਵਿੱਚ ਕਿਹਾ, ‘‘ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦੇ ਅਕਾਲ ਚਲਾਣੇ ਦਾ ਵੱਡਾ ਦੁੱਖ ਹੈ। ਬਜ਼ੁਰਗ ਅਕਾਲੀ ਆਗੂ ਨੂੰ ਪੰਥ ਤੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।’’ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬ੍ਰਹਮਪੁਰਾ ਦਾ ਅਕਾਲ ਚਲਾਣਾ ਵੱਡਾ ਘਾਟਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵੀ ਬ੍ਰਹਮਪੁਰਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Add a Comment

Your email address will not be published. Required fields are marked *