220 ਕੋਚਾਂ ਦੀ ਭਰਤੀ ਕਰੇਗੀ ‘ਆਪ’ ਸਰਕਾਰ: ਮੀਤ ਹੇਅਰ

ਐਸ.ਏ.ਐਸ.ਨਗਰ (ਮੁਹਾਲੀ), 20 ਅਗਸਤ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਅੱਜ ਪੰਜਾਬ ਓਲੰਪਿਕ ਭਵਨ ਵਿਚ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਓਲੰਪਿਕ ਐਸੋਸੀਏਸ਼ਨ ਨੂੰ ਕੌਮੀ ਖੇਡਾਂ ਲਈ 50 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ।

ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ, ਜਿਸ ਵਿੱਚ ਖਿਡਾਰੀਆਂ ਲਈ ਨਕਦ ਇਨਾਮ, ਨੌਕਰੀ ਦੇਣੀ, ਛੋਟੀ ਉਮਰ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੂਜੇ ਸੂਬਿਆਂ ਦੀਆਂ ਖੇਡ ਨੀਤੀਆਂ ਦਾ ਅਧਿਐਨ ਕਰਨ ਲਈ ਖੇਡ ਮਾਹਿਰਾਂ ਦੀ ਕਮੇਟੀ ਬਣਾਈ ਜਾ ਰਹੀ ਹੈ ਅਤੇ 220 ਕੋਚਾਂ ਦੀ ਭਰਤੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਲਈ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ 29 ਅਗਸਤ ਨੂੰ ਮੁੱਖ ਮੰਤਰੀ ਜਲੰਧਰ ’ਚ ਉਦਘਾਟਨ ਕਰਨਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ।

ਮੀਤ ਹੇਅਰ ਨੇ ਕਿਹਾ ਕਿ ਕੋਚਾਂ ਦੀ ਪਿੰਡ, ਬਲਾਕ ਤੇ ਤਹਿਸੀਲ ਪੱਧਰ ਉੱਤੇ ਲੋੜ ਅਨੁਸਾਰ ਤਾਇਨਾਤੀ ਕੀਤੀ ਜਾਵੇਗੀ ਜਿਸ ਲਈ ਖੇਡ ਬਜਟ ਵਧਾਇਆ ਜਾ ਰਿਹਾ ਹੈ ਤੇ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ਉੱਤੇ ਖੇਡ ਵਿਭਾਗ ਵਿਦੇਸ਼ੀ ਕੋਚਾਂ ਦੀਆਂ ਸੇਵਾਵਾਂ ਵੀ ਲਵੇਗਾ।

ਸਰਕਾਰੀ ਕਾਲਜਾਂ ਦੇ ਮੁਲਾਜ਼ਮਾਂ ਵੱਲੋਂ ਸੁਸਇਟੀਆਂ ਦੇ ਕੇਂਦਰੀਕਰਨ ਦੀ ਮੰਗ

ਬਰਨਾਲਾ :ਹਾਇਰ ਐਜੂਕੇਸ਼ਨ ਇੰਸਟੀਚਿਊਟ ਸੁਸਾਇਟੀ ਐਂਪਲਾਈਜ਼ ਐਸੋਸੀਏਸ਼ਨ ਪੰਜਾਬ ਵੱਲੋਂ ਪ੍ਰੋ. ਹੇਮੰਤ ਵਾਟਸ ਦੀ ਅਗਵਾਈ ਹੇਠ ਅੱਜ ਇੱਕ ਵਫ਼ਦ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲਿਆ ਤੇ ਮੰਗ ਕੀਤੀ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 2006 ਤੋਂ ਐੱਚਈਆਈਐੱਸ ਅਧੀਨ ਚੱਲ ਰਹੀਆਂ ਸੁਸਾਇਟੀਆਂ ਦਾ ਕੇਂਦਰੀਕਰਨ ਕਰਕੇ ਪੰਜਾਬ ਪੱਧਰ ਦੀ ਇੱਕ ਸੁਸਾਇਟੀ ਬਣਾਈ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੁਸਾਇਟੀ ਅਧੀਨ ਰੱਖੇ ਸਹਾਇਕ ਪ੍ਰੋਫੈ਼ਸਰਾਂ ਨੂੰ ਪੰਜਾਬ ਸਰਕਾਰ ਦੇ ਲੈਵਲ-10 ਅਨੁਸਾਰ ਅਤੇ ਨਾਨ ਟੀਚਿੰਗ ਸਟਾਫ਼ ਨੂੰ ਵੀ ਉਨ੍ਹਾਂ ਦੀ ਬਣਦੀ ਬੇਸਿਕ ਤਨਖਾਹ ਦਿੱਤੀ ਜਾਵੇ। ਉਚੇਰੀ ਸਿੱਖਿਆ ਮੰਤਰੀ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਛੇਤੀ ਹੀ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਛੇਤੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਵਿੱਢਿਆ ਜਾਵੇਗਾ।

Add a Comment

Your email address will not be published. Required fields are marked *