ਨੌਕਰੀ ਤੋਂ ਕੱਢੇ ਗਏ 302 PRTC ਤੇ ਪਨਬੱਸ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ : ਬਿਕਰਮ ਮਜੀਠੀਆ

ਅੰਮ੍ਰਿਤਸਰ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਤੇ ਪਨਬੱਸ ਦੇ 302 ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਜਿਨ੍ਹਾਂ ਨੂੰ ਮਨਮਾਨੇ ਢੰਗ ਨਾਲ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਅਤੇ ਬਲੈਕਲਿਸਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਆਪਣੇ ਵਾਅਦੇ ਤੋਂ ਭੱਜ ਰਹੇ ਹਨ, ਜਦਕਿ ਟਰਾਂਸਪੋਰਟ ਵਿਭਾਗ ਵਿੱਚ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਕਿਹਾ ਗਿਆ ਸੀ।

ਮਜੀਠੀਆ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ‘ਚ ਐਲਾਨ ਕੀਤਾ ਸੀ ਕਿ ਸਾਰੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਉਨ੍ਹਾਂ ਦੀ ਸਰਕਾਰ 17,000 ਤੋਂ 18,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਲੈਣ ਵਾਲੇ ਠੇਕੇ ‘ਤੇ ਰੱਖੇ ਡਰਾਈਵਰਾਂ ਅਤੇ ਕੰਡਕਟਰਾਂ ਦੀਆਂ ਸੇਵਾਵਾਂ ਖਤਮ ਕਰਕੇ ਇਕ ਕੋਝੇ ਏਜੰਡੇ ‘ਤੇ ਚੱਲ ਰਹੀ ਹੈ ਅਤੇ 9,000 ਰੁਪਏ ਪ੍ਰਤੀ ਮਹੀਨਾ ‘ਤੇ ਨਵੇਂ ਭਰਤੀ ਕਰ ਰਹੀ ਹੈ। ਜੋ ਇਹ ਦਰਸਾਉਂਦਾ ਹੈ ਕਿ ਸਰਕਾਰ ਕੋਲ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਕੋਈ ਏਜੰਡਾ ਨਹੀਂ ਹੈ ਪਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਯੋਜਨਾ ਬਣਾਈ ਗਈ ਹੈ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਅਣਸਿੱਖਿਅਤ ਭਰਤੀ ਕਰਕੇ ਅਤੇ ਸਿੱਖਿਅਤ ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰਕੇ ਯਾਤਰੀਆਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਨਵੇਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ‘ਚ ਸ਼ਾਮਲ ਹੋਣ ਵਿੱਚ ਮਦਦ ਕਰੇਗਾ। ਲਾਲਜੀਤ ਭੁੱਲਰ ਨੂੰ ਵੀ ਪੁੱਛਾਂਗੇ ਕਿ ਉਹ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਿਉਂ ਤਬਾਹ ਕਰ ਰਹੇ ਹਨ ਅਤੇ ਮੁਲਾਜ਼ਮਾਂ ਦੇ ਬਕਾਇਆ ਕਿਉਂ ਨਹੀਂ ਦੇ ਰਹੇ। ਇਸ ਦੌਰਾਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮਜੀਠੀਆ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਯੂਨੀਅਨ ਦੇ ਪ੍ਰਧਾਨ ਹੀਰਾ ਸਿੰਘ ਨੇ ਕਿਹਾ ਕਿ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਤਨਖ਼ਾਹ ਵਿੱਚ 5 ਫੀਸਦੀ ਸਾਲਾਨਾ ਵਾਧੇ ਦਾ ਵਾਅਦਾ ਕੀਤਾ ਗਿਆ ਸੀ ਪਰ ‘ਆਪ’ ਸਰਕਾਰ ਵੱਲੋਂ ਇਹ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।

Add a Comment

Your email address will not be published. Required fields are marked *