ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਨੂੰ ਮੁੜ ਲਿਆਂਦਾ ਦਿੱਲੀ

ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਨੂੰ ਉਨ੍ਹਾਂ ਦੀ ਆਵਾਜ਼ ਦੇ ਸੈਂਪਲ ਲੈਣ ਲਈ ਭਾਰੀ ਸੁਰੱਖਿਆ ਹੇਠ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ (CFSL) ਦਿੱਲੀ ਲਿਆਂਦਾ ਗਿਆ ਹੈ। ਦਿੱਲੀ ਪੁਲਸ ਦਿੱਲੀ ਦੀ ਇਕ ਅਦਾਲਤ ਵਿੱਚ ਗਈ ਸੀ, ਜਿਸ ਨੇ 9 ਦਸੰਬਰ ਨੂੰ ਬਿਸ਼ਨੋਈ ਨੂੰ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ‘ਚ ਉਸ ਦੀ ਆਵਾਜ਼ ਦੇ ਨਮੂਨੇ ਲੈਣ ਲਈ 20 ਤੋਂ 23 ਦਸੰਬਰ ਤੱਕ ਦਿੱਲੀ ਪੁਲਸ ਦੀ ਹਿਰਾਸਤ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਸੀ। ਇਹ ਟੈਸਟ ਮਕੋਕਾ ਦੇ ਮਾਮਲੇ ਵਿੱਚ ਕੀਤਾ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਪੁਲਸ ਨੇ ਆਪਣੀ ਜਾਂਚ ਵਿੱਚ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਉਣ ਲਈ ਵਰਤਿਆ ਗਿਆ ਫ਼ੋਨ ਵੀ ਤਿਹਾੜ ਵਿੱਚ ਬੰਦ ਇੰਡੀਅਨ ਮੁਜਾਹਿਦੀਨ ਦੇ ਇਕ ਅੱਤਵਾਦੀ ਵੱਲੋਂ ਵਰਤਿਆ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਇਹ ਪਾਇਆ ਗਿਆ ਹੈ ਕਿ ਬਿਸ਼ਨੋਈ ਨੇ ਕਥਿਤ ਤੌਰ ‘ਤੇ ਅਪ੍ਰੈਲ ਅਤੇ ਮਈ ਦਰਮਿਆਨ ਪੰਜਾਬ ਅਤੇ ਕੈਨੇਡਾ ਵਿੱਚ ਆਪਣੇ ਸਾਥੀਆਂ ਨੂੰ ਕਾਲ ਕਰਨ ਲਈ ਉਸ ਨੰਬਰ ਦੀ ਵਰਤੋਂ ਕੀਤੀ ਸੀ। ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ 23 ਨਵੰਬਰ ਨੂੰ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਅੱਤਵਾਦੀ ਹਮਲੇ ਕਰਨ ਲਈ ਨੌਜਵਾਨਾਂ ਦੀ ਭਰਤੀ ਕਰਨ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ।

ਇਸ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ‘ਚ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਪਹਿਲਾਂ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਮਾਰਨ ਲਈ ਪਲਾਨ ਬੀ ਤਿਆਰ ਕੀਤਾ ਸੀ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਲਡੀ ਬਰਾੜ ਇਸ ਯੋਜਨਾ ਦੀ ਅਗਵਾਈ ਕਰ ਰਿਹਾ ਸੀ। ਵਰਣਨਯੋਗ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਕਪਿਲ ਪੰਡਿਤ ਨੂੰ ਹਾਲ ਹੀ ‘ਚ ਦਿੱਲੀ ਅਤੇ ਪੰਜਾਬ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Add a Comment

Your email address will not be published. Required fields are marked *