ਵਿਸ਼ਾਲ ਨਗਰ ਕੀਰਤਨ ਨਾਲ ਸ਼ਹੀਦੀ ਸਭਾ ਸਮਾਪਤ

ਫ਼ਤਹਿਗੜ੍ਹ ਸਾਹਿਬ, 28 ਦਸੰਬਰ

ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਏ ਵਿਸ਼ਾਲ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚਣ ’ਤੇ ਸਮਾਪਤ ਹੋ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਜਥੇਦਾਰ ਕਰਨੈਲ ਸਿੰਘ ਪੰਜੋਲੀ ਆਦਿ ਸਮੇਤ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਲਾਸਾਨੀ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਹੋਈ ਅਤੇ ਉਸ ਤੋਂ ਬਾਅਦ ਹੁਕਮਨਾਮਾ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ। ਐਡਵੋਕੇਟ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪੇ ਭੇਟ ਕੀਤੇ। ਨਗਰ ਕੀਰਤਨ ਦੀ ਸਮਾਪਤੀ ਮੌਕੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਜਦੋਂਕਿ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ, ਪਰਮਜੀਤ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ ਚਾਵਲਾ, ਵਿਧਾਇਕ ਲਖਵੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ, ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਤਿਹਾਸ ਨੂੰ ਬਦਲਣ ਲਈ ਕੋਝੀਆਂ ਚਾਲਾਂ ਤੋਂ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ। 

Add a Comment

Your email address will not be published. Required fields are marked *