ਬਾਹਰਲੇ ਬੰਦਿਆਂ ਕੋਲੋਂ ਵੀ ਨਹੀਂ ਚੱਲ ਰਹੀ ਪੰਜਾਬ ਸਰਕਾਰ: ਵੜਿੰਗ
![](http://mehakewattan.com/wp-content/uploads/2022/12/2022_12largeimg_152634350.jpg)
ਰੂਪਨਗਰ, 29 ਦਸੰਬਰ-: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਸਮੇਤ ਸਾਰਿਆਂ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਤੋਂ ਕੋਈ ਅਸੁਰੱਖਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ ਜਲਦੀ ਹੀ ਘਰ ਵਾਪਸ ਪਰਤ ਰਹੇ ਹਨ ਅਤੇ ਉਹ ਚਾਹੁੰਦੇ ਹਨ ਕਿ ਸ੍ਰੀ ਸਿੱਧੂ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਕਿਸੇ ਦੁਆਰਾ ਸਿੱਖੀ ਦਾ ਪ੍ਰਚਾਰ ਕਰਨਾ ਚੰਗੀ ਗੱਲ ਹੈ, ਪਰ ਉਹ ਖਾਲਿਸਤਾਨ ਦੇ ਸਮਰਥਕ ਨਹੀਂ ਹਨ। ਰਾਜਾ ਵੜਿੰਗ ਨੇ ਰਾਹੁਲ ਗਾਂਧੀ ਵੱਲੋਂ ਕੀਤੀ ਜਾ ਰਹੀ ‘ਭਾਰਤ ਜੋੜੋ’ ਯਾਤਰਾ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਜਿਵੇਂ ਮਹਾਤਮਾ ਗਾਂਧੀ ਨੇ ਭਾਰਤ ਛੱਡੋ ਅੰਦੋਲਨ ਸਮੇਂ ਆਪਣੇ ਸਰੀਰ ’ਤੇ ਕੱਪੜੇ ਵੀ ਨਹੀਂ ਸਨ ਪਾਏ, ਉਸੇ ਤਰ੍ਹਾਂ ਹੀ ਰਾਹੁਲ ਗਾਂਧੀ ਵੀ ਸਿਰਫ ਇੱਕ ਟੀ-ਸ਼ਰਟ ਵਿੱਚ ਰੋਜ਼ਾਨਾ 25 ਕਿਲੋਮੀਟਰ ਪੈਦਲ ਸਫਰ ਤੈਅ ਕਰ ਰਹੇ ਹਨ। ਉਨ੍ਹਾਂ ‘ਆਪ’ ਸਰਕਾਰ ’ਤੇ ਵਰ੍ਹਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਬਾਹਰਲੇ ਸੂਬਿਆਂ ਦੇ ਲੋਕ ਸਰਕਾਰ ਚਲਾ ਰਹੇ ਹਨ, ਪਰ ਫਿਰ ਵੀ ਸਰਕਾਰ ਤੋਂ ਕੰਮ ਨਹੀਂ ਹੋ ਰਿਹਾ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਕੰਮਾਂ ਦੀ ਚਿੰਤਾ ਹੋ ਰਹੀ ਹੈ। ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਨਵ ਨਿਯੁਕਤ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਤੇ ਹੋਰ ਆਗੂ ਹਾਜ਼ਰ ਸਨ।