ਬਿਜਲੀ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਬਿਆਨ, ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਆ ਰਿਹੈ ‘ਜ਼ੀਰੋ’

ਚੰਡੀਗੜ੍ਹ/ਜਲੰਧਰ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਹਰ ਘਰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਹੈ। ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਝੂਠੇ ਵਾਅਦੇ ਕਰਕੇ ਲੋਕਾਂ ਨਾਲ ਧੋਖਾ ਕਰਦੀਆਂ ਰਹੀਆਂ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਪਹਿਲੇ ਸਾਲ ’ਚ ਹੀ ਬਿਜਲੀ ਦਾ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ ਕੀਤਾ ਹੈ। ਸਾਰੇ ਘਰੇਲੂ ਖ਼ਪਤਕਾਰਾਂ ਨੂੰ 5629 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਦਿੰਦੇ ਹੋਏ 600 ਯੂਨਿਟ ਮੁਫ਼ਤ ਬਿਜਲੀ (300 ਯੂਨਿਟ ਪ੍ਰਤੀ ਮਹੀਨਾ) ਦੀ ਸਹੂਲਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਰੇਲੂ ਖ਼ਪਤਕਾਰਾਂ ਲਈ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਜਾਰੀ ਰੱਖੀ ਗਈ ਹੈ, ਜਿਸ ਨਾਲ 1278 ਕਰੋੜ ਰੁਪਏ ਦਾ ਲਾਭ ਹੋਵੇਗਾ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਗਭਗ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਹੁਣ ਜ਼ੀਰੋ ਆ ਰਿਹਾ ਹੈ। ਇਸੇ ਮਹੀਨੇ ਇਹ ਅੰਕੜਾ ਹੋਰ ਵਧਣ ਦੀ ਆਸ ਹੈ। ਸਾਰੇ ਰਿਹਾਇਸ਼ੀ ਯੂਨਿਟਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਨਾਲ ਹੀ 31 ਦਸੰਬਰ 2021 ਤੱਕ ਦੇ ਸਾਰੇ ਬਕਾਇਆ ਬਿੱਲ ਵੀ ਮੁਆਫ਼ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਕੱਟੇ ਗਏ ਬਿਜਲੀ ਕੁਨੈਕਸ਼ਨ ਬਹਾਲ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਾ ਸਿਰਫ਼ ਖੇਤੀਬਾੜੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਜਾਰੀ ਰੱਖੀ ਹੈ, ਸਗੋਂ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਕਿਸੇ ਕੱਟ ਤੋਂ 8 ਘੰਟੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਹੈ।

ਕਿਸਾਨਾਂ ਨੂੰ ਹੋਰ ਲਾਭ ਦਿੰਦਿਆਂ ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫ਼ੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਐੱਚ. ਪੀ. ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਨੂੰ 1,87,000 ਰੁਪਏ ਦਾ ਮੁਨਾਫ਼ਾ ਹੋਇਆ। ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ।

Add a Comment

Your email address will not be published. Required fields are marked *