ਪੰਜਾਬ ਕਾਂਗਰਸ ਦੇ 3 ਸੀਨੀਅਰ ਆਗੂਆਂ ਨੇ ਜੇਲ੍ਹ ‘ਚ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ

ਪਟਿਆਲਾ : ਇਕ ਪਾਸੇ ਰਾਹੁਲ ਗਾਂਧੀ ਦੀ ‘ਭਾਰਤ ਜੋੜੋ’ ਯਾਤਰਾ 11 ਜਨਵਰੀ ਨੂੰ ਪੰਜਾਬ ਪਹੁੰਚ ਰਹੀ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ 3 ਸਾਬਕਾ ਪ੍ਰਧਾਨਾਂ ਨੇ ਸ਼ੁੱਕਰਵਾਰ ਨੂੰ ਸੈਂਟਰਲ ਜੇਲ੍ਹ ਪਟਿਆਲਾ ਪਹੁੰਚ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਕਈ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ। ਇਕ ਸੰਦੇਸ਼ ਜਾ ਰਿਹਾ ਹੈ ਕਿ ਟਕਸਾਲੀ ਕਾਂਗਰਸੀ ਆਗੂਆਂ ਦਾ ਇਕ ਵੱਡਾ ਗਰੁੱਪ ਨਵਜੋਤ ਸਿੰਘ ਸਿੱਧੂ ਦੇ ਨਾਲ ਹੈ। ਸਿੱਧੂ ਨੂੰ ਅੱਗੇ ਕਰ ਕੇ ਉਹ ਪੰਜਾਬ ’ਚ ਪਾਰਟੀ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ। ਪਿਛਲੇ 55 ਸਾਲ ਤੋਂ ਕਾਂਗਰਸ ਪਾਰਟੀ ’ਚ ਕੰਮ ਕਰ ਰਹੇ ਅਤੇ ਹਰੇਕ ਸਰਕਾਰ ’ਚ ਮੰਤਰੀ ਰਹੇ ਤੇ ਸਾਬਕਾ ਸੂਬਾ ਕਾਂਗਰਸ ਪਾਰਟੀ ਪ੍ਰਧਾਨ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋ ਅਤੇ ਮਹਿੰਦਰ ਸਿੰਘ ਕੇ. ਪੀ. ਨੇ ਸੈਂਟਰਲ ਜੇਲ੍ਹ ਪਹੁੰਚ ਕੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੀ ਜੇਲ੍ਹ ’ਚ ਪਹੁੰਚ ਕੇ ਸਿੱਧੂ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋ ਅਤੇ ਮਹਿੰਦਰ ਸਿੰਘ ਕੇ. ਪੀ. ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਨਾਲ ਪੰਜਾਬ ’ਚ ਕਾਂਗਰਸ ਮਜ਼ਬੂਤ ਹੋਵੇਗੀ। ਇਕ ਸਵਾਲ ਦੇ ਜਵਾਬ ’ਚ ਉਕਤ ਆਗੂਆਂ ਨੇ ਕਿਹਾ ਕਿ ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਚ ਕਿਸੇ ਵੀ ਤਰ੍ਹਾਂ ਦਾ ਵਿਵਾਦ ਨਹੀਂ ਹੈ। ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਰਾਜਾ ਵੜਿੰਗ ਤਾਂ ਇਹ ਕਹਿ ਚੁੱਕੇ ਹਨ ਕਿ ਜੇਕਰ ਹਾਈਕਮਾਨ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾ ਦਿੰਦੀ ਹੈ ਤਾਂ ਉਹ ਸਿੱਧੂ ਦੇ ਨਾਲ ਚੱਲਣਗੇ। ਇਸ ਤੋਂ ਸਪੱਸ਼ਟ ਹੈ ਕਿ ਕਾਂਗਰਸ ’ਚ ਕੋਈ ਧੜੇਬੰਦੀ ਨਹੀਂ। ਇਨ੍ਹਾਂ ਆਗੂਆਂ ਨੇ ਕਿਹਾ ਕਿ 26 ਤਾਰੀਖ਼ ਨੂੰ ਜੇਕਰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਹੁੰਦੀ ਹੈ ਤਾਂ ਪੰਜਾਬ ਭਰ ਤੋਂ ਹਜ਼ਾਰਾਂ ਕਾਂਗਰਸੀ ਪਹੁੰਚ ਕੇ ਉਨ੍ਹਾਂ ਦਾ ਸੁਆਗਤ ਕਰਨਗੇ ਕਿਉਂਕਿ ਪੰਜਾਬ ਦੀ ਜਨਤਾ ਸਿੱਧੂ ਨੂੰ ਪਿਆਰ ਕਰਦੀ ਹੈ। ਸਿੱਧੂ ਇਕਮਾਤਰ ਅਜਿਹੇ ਲੀਡਰ ਹਨ, ਜੋ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੇ ਹਨ।

ਸਿੱਧੂ ਦੀ ਰਿਹਾਈ ਬਾਰੇ ਸਰਕਾਰ ਦੀ ਨੀਅਤ ’ਤੇ ਸ਼ੱਕ : ਖਹਿਰਾ
ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਹਿੰਦੀ ਕੁੱਝ ਹੈ ਅਤੇ ਕਰਦੀ ਕੁੱਝ ਹੈ। ਬੇਸ਼ੱਕ ਸਿੱਧੂ ਦੇ ਚੰਗੇ ਆਚਰਣ ਕਾਰਨ 26 ਜਨਵਰੀ ਨੂੰ ਉਨ੍ਹਾਂ ਦੀ ਰਿਹਾਈ ਬਾਰੇ ਚਰਚਾਵਾਂ ਚੱਲ ਰਹੀਆਂ ਹਨ। ਸਮੁੱਚਾ ਪੰਜਾਬ ਚਾਹੁੰਦਾ ਹੈ ਕਿ ਸਿੱਧੂ ਨੂੰ ਰਿਹਾਅ ਕੀਤਾ ਜਾਵੇ ਪਰ ਇਸ ਸਰਕਾਰ ਦੀ ਨੀਅਤ ’ਤੇ ਸ਼ੱਕ ਹੈ। ਉਹ ਕੋਈ ਵੀ ਅੜਿੱਕਾ ਖੜ੍ਹਾ ਕਰ ਸਕਦੀ ਹੈ।

Add a Comment

Your email address will not be published. Required fields are marked *