‘ਭਾਰਤ ਜੋੜੋ ਯਾਤਰਾ’ ਦਾ ਭਰਵਾਂ ਸਵਾਗਤ ਕਰਾਂਗੇ: ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 6 ਜਨਵਰੀ-: ‘ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੀਤੀ ਜਾ ਰਹੀ ‘ਭਾਰਤ ਜੋੜੋ ਯਾਤਰਾ’ ਦਾ ਫ਼ਤਹਿਗੜ੍ਹ ਸਾਹਿਬ ਪਹੁੰਚਣ ’ਤੇ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।’ ਇਹ ਗੱਲ ਯਾਤਰਾ ਸਬੰਧੀ ਵੱਖ-ਵੱਖ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਡਾ. ਅਮਰ ਸਿੰਘ ਨੇ ਕਿਹਾ ਕਿ ‘ਭਾਰਤ ਜੋੜੋ ਯਾਤਰਾ’ ਨੂੰ ਹਰ ਪਾਸੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਵੇਚਣ ਅਤੇ ‘ਹਮ ਦੋ ਹਮਾਰੇ ਦੋ ਨਾਅਰੇ’ ਨੂੰ ਸੱਚ ਕਰਨ ਵਿਚ ਲੱਗੀ ਹੋਈ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੇ ਅੰਬਾਨੀ ਅਤੇ ਅਡਾਨੀ ਦੇ ਹੱਥਾਂ ਵਿੱਚ ਸਾਰਾ ਦੇਸ਼ ਸੌਂਪ ਕੇ ਲੋਕਾਂ ਨੂੰ ਗੁਲਾਮ ਬਣਾ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਵਿੱਚੋਂ ਫਿਰਕਾਪ੍ਰਸਤਾਂ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਰਾਹੁਲ ਗਾਂਧੀ ਦੀ ਇਸ ਯਾਤਰਾ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।

Add a Comment

Your email address will not be published. Required fields are marked *