ਪੱਕੇ ਮੋਰਚੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਗੂੰਜੇ ਜੈਕਾਰੇ

ਐਸ.ਏ.ਐਸ. ਨਗਰ (ਮੁਹਾਲੀ), 10 ਜਨਵਰੀ-: ਹੱਡ ਚੀਰਵੀਂ ਠੰਢ ਦੇ ਬਾਵਜੂਦ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, 328 ਪਾਵਨ ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਲੜੀਵਾਰ ਧਰਨਾ ਚੌਥੇ ਦਿਨ ਜਾਰੀ ਰਿਹਾ। ਅੱਜ ਧਰਨੇ ਵਿੱਚ ਮਨੁੱਖੀ ਅਧਿਕਾਰ ਸੰਗਠਨਾਂ, ਪੰਥ ਦਰਦੀਆਂ, ਸਮਾਜ ਸੇਵੀ ਸੰਸਥਾਵਾਂ, ਇਨਸਾਫ਼ ਪਸੰਦ ਲੋਕਾਂ, ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੰਗਲਵਾਰ ਨੂੰ ਖੁੱਲ੍ਹੇ ਅਸਮਾਨ ਹੇਠ ਬੋਲੇ ਸੋ ਨਿਹਾਲ ਦੇ ਜੈਕਾਰੇ ਗੂੰਜਦੇ ਰਹੇ।

ਇਸ ਮੌਕੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਅਮਰ ਸਿੰਘ ਚਾਹਲ ਅਤੇ ਦਿਲਸ਼ੇਰ ਸਿੰਘ ਨੇ ਯੂਟੀ ਪ੍ਰਸ਼ਾਸਨ ਨੂੰ ਤੱਥਾਂ ਦੇ ਆਧਾਰਿਤ ਅਤੇ ਸਾਰੇ ਕਾਨੂੰਨੀ ਨੁਕਤੇ ਰੱਖਦੇ ਹੋਏ ਸਿੱਖ ਕੈਦੀਆਂ ਨਾਲ ਹੋ ਰਹੀਆਂ ਵਧੀਕੀਆਂ ਤੋਂ ਜਾਣੂ ਕਰਵਾਇਆ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਵਿੱਚ ਬਿਨਾਂ ਕਿਸੇ ਕੇਸ ਤੋਂ ਬੰਦੀ ਬਣਾ ਕੇ ਰੱਖਿਆ ਗਿਆ ਹੈ ਅਤੇ ਅਦਾਲਤ ਦੇ ਹੁਕਮਾਂ ਪਾਲਣਾ ਕਰਕੇ ਭਾਈ ਹਵਾਰਾ ਨੂੰ ਪੰਜਾਬ ਨਹੀਂ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 1998 ਵਿੱਚ ਮੁਹਾਲੀ ’ਚ ਦਰਜ ਇੱਕ ਕੇਸ ਸਬੰਧੀ ਟਰਾਇਲ ਵੀ ਪੈਂਡਿੰਗ ਪਿਆ ਹੈ। ਉਨ੍ਹਾਂ ਪੰਜਾਬ ਪੁਲੀਸ ਤੋਂ ਮੰਗ ਕੀਤੀ ਕਿ 30 ਹਜ਼ਾਰੀ ਅਦਾਲਤ ’ਚੋਂ ਪ੍ਰੋਡਕਸ਼ਨ ਵਰੰਟ ਲੈ ਕੇ ਜਗਤਾਰ ਸਿੰਘ ਹਵਾਰਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਇਸ ਮੌਕੇ ਬਾਪੂ ਗੁਰਚਰਨ ਸਿੰਘ, ਅਖੰਡ ਕੀਰਤਨੀ ਜਥੇ ਦੇ ਸੇਵਾਦਾਰ ਆਰਪੀ ਸਿੰਘ, ਰਾਜਿੰਦਰ ਸਿੰਘ ਬਾਲੀ, ਨਿਹੰਗ ਸਿੰਘਾਂ ਸਮੇਤ ਹੋਰ ਸਿੱਖ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ।

ਆਰਪੀ ਸਿੰਘ ਨੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਧਰਨਾ ਸਥਾਨ ’ਤੇ ਸੰਗਤ ਨੂੰ ਜੋੜਨ ਲਈ ਰੋਜ਼ਾਨਾ ਢਾਡੀ ਵਾਰਾਂ ਅਤੇ ਸ਼ਬਦ ਕੀਰਤਨ ਦਾ ਗਾਇਨ ਕਰਵਾਇਆ ਜਾਵੇ। ਨਿਹੰਗ ਸਿੰਘਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੰਗਾਂ ਪ੍ਰਵਾਨ ਹੋਣ ’ਤੇ ਸਿੱਖ ਮੋਰਚਾ ਫਹਿਤ ਕਰਕੇ ਉਹ ਆਪਣੇ ਘਰਾਂ ਨੂੰ ਪਰਤ ਜਾਣਗੇ ਨਹੀਂ ਤਾਂ ਆਉਣ ਵਾਲੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Add a Comment

Your email address will not be published. Required fields are marked *