ਟੈਂਡਰ ਘੁਟਾਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ

ਲੁਧਿਆਣਾ, 22 ਅਗਸਤ

ਦਾਣਾ ਮੰਡੀ ਟੈਂਡਰ ਘੁਟਾਲੇ ’ਚ ਵਿਜੀਲੈਂਸ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਦੇਰ ਸ਼ਾਮ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਥੋਂ ਗ੍ਰਿਫ਼ਤਾਰ ਕਰ ਲਿਆ। ਕਾਂਗਰਸ ਆਗੂ ਨੂੰ ਉਸ ਸਮੇਂ ਫੜਿਆ ਜਦੋਂ ਉਹ ਮਾਲ ਰੋਡ ’ਤੇ ਇੱਕ ਸੈਲੂਨ ’ਚ ਵਾਲ ਕਟਵਾ ਰਹੇ ਸਨ। ਇਸ ਦੌਰਾਨ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਸਾਥੀਆਂ ਨਾਲ ਉਥੇ ਪੁੱਜੇ ਅਤੇ ਉਨ੍ਹਾਂ ਆਸ਼ੂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਤੇ ਉਨ੍ਹਾਂ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ। ਗੁੱਸੇ ’ਚ ਆਏ ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਆਪਣੀ ਪਛਾਣ ਜ਼ਾਹਿਰ ਕਰਨ ਲਈ ਆਈਡੀ ਕਾਰਡ ਵੀ ਮੰਗੇ। ਇਸ ਮਗਰੋਂ ਰਵਨੀਤ ਬਿੱਟੂ ਵੀ ਆਸ਼ੂ ਦੇ ਨਾਲ ਹੀ ਵਿਜੀਲੈਂਸ ਦਫ਼ਤਰ ਪੁੱਜੇ। ਉਨ੍ਹਾਂ ਕਾਂਗਰਸ ਵਰਕਰਾਂ ਨੂੰ ਵਿਜੀਲੈਂਸ ਦਫ਼ਤਰ ਦੇ ਬਾਹਰ ਪੁੱਜਣ ਦਾ ਸੱਦਾ ਦਿੱਤਾ ਜਿਸ ਮਗਰੋਂ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਨੇ ਵਿਜੀਲੈਂਸ ਦਫ਼ਤਰ ਦੇ ਬਾਹਰ ਧਰਨਾ ਲਾ ਦਿੱਤਾ। ਇਸ ਦੌਰਾਨ ਜ਼ਿਲ੍ਹਾ ਪੁਲੀਸ ਵੀ ਉਥੇ ਪਹੁੰਚ ਗਈ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਹੰਗਾਮਾ ਨਾ ਹੋਵੇ। ਪੁਲੀਸ ਨੇ ਵਿਜੀਲੈਂਸ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤਿਆਂ ਦੀ ਬੈਰੀਕੇਡਿੰਗ ਕਰ ਦਿੱਤੀ। ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਜਦੋਂ ਮੁਹਾਲੀ ’ਚ ਸਾਰੀ ਕਾਂਗਰਸ ਆਸ਼ੂ ਨੂੰ ਲੈ ਕੇ ਗਈ ਸੀ ਤਾਂ ਉਸ ਸਮੇਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਵਿਜੀਲੈਂਸ ‘ਆਪ’ ਸਰਕਾਰ ਦੇ ਦਬਾਅ ਹੇਠ ਕੰਮ ਰਹੀ ਹੈ। ਇਸ ਮੌਕੇ ਪੁੱਜੇ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਤੇ ਸੰਜੈ ਤਲਵਾੜ ਨੇ ਕਿਹਾ ਕਿ ਇਹ ਸਰਾਸਰ ਧੱਕਾ ਹੈ ਜਿਸਨੂੰ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ। ਕਾਂਗਰਸ ਮੰਗਲਵਾਰ ਪੂਰੇ ਸੂਬੇ ਵਿਚ ਸੜਕਾਂ ’ਤੇ ਉਤਰੇਗੀ। ਆਪ ਸਰਕਾਰ ਦਾ ਵਿਰੋਧ ਕੀਤਾ ਜਾਏਗਾ। ਕਾਂਗਰਸੀਆਂ ਦੇ ਧਰਨੇ ਨੂੰ ਦੇਖਦੇ ਹੋਏ ਸ਼ਹਿਰ ਦੇ ਕਈ ਥਾਣਿਆਂ ਦੀ ਪੁਲੀਸ ਮੌਕੇ ’ਤੇ ਲਗਾ ਦਿੱਤੀ ਗਈ। ਵਿਜੀਲੈਂਸ ਨੇ ਆਪਣੇ ਦਫ਼ਤਰ ਦੇ ਸਾਰੇ ਗੇਟ ਬੰਦ ਕਰ ਦਿੱਤੇ। ਦੱਸਣਯੋਗ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਮੁਹਾਲੀ ਦੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਦੇ ਬਾਹਰ ਹੱਲਾ ਬੋਲ ਪ੍ਰਦਰਸ਼ਨ ਦੌਰਾਨ ਆਸ਼ੂ ਵੀ ਮੌਜੂਦ ਸਨ ਅਤੇ ਉਨ੍ਹਾਂ ਵਿਜੀਲੈਂਸ ਨੂੰ ਲਲਕਾਰਦਿਆਂ ਕਿਹਾ ਸੀ ਕਿ ਵਿਜੀਲੈਂਸ ਭ੍ਰਿਸ਼ਟਾਚਾਰ ਕੇਸ ਵਿੱਚ ਨਾਮਜ਼ਦ ਕਰਨ ਬਾਰੇ ਮੀਡੀਆ ’ਚ ਖ਼ਬਰਾਂ ਪ੍ਰਕਾਸ਼ਿਤ ਕਰਵਾ ਕੇ ਉਸ ਨੂੰ ਬਦਨਾਮ ਕਰਨ ਅਤੇ ਡਰ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਜੇ ਉਹ ਦੋਸ਼ੀ ਹਨ ਤਾਂ ਵਿਜੀਲੈਂਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇ। ਆਸ਼ੂ ਨੇ ਇਹ ਦਾਅਵਾ ਵੀ ਕੀਤਾ ਸੀ ਕਿ ਪਿਛਲੇ 5 ਮਹੀਨਿਆਂ ਤੋਂ ‘ਆਪ’ ਸਰਕਾਰ ਦੇ ਹੁਕਮਾਂ ’ਤੇ ਵਿਜੀਲੈਂਸ ਨੇ ਉਸ ਕੋਲ ਰਹੇ ਮਹਿਕਮੇ ਦੀਆਂ ਸਾਰੀਆਂ ਫਾਈਲਾਂ ਛਾਣ ਮਾਰੀਆਂ ਹਨ ਪ੍ਰੰਤੂ ਕੁੱਝ ਵੀ ਨਹੀਂ ਮਿਲਿਆ ਹੈ।

ਆਸ਼ੂ ਨੇ ਅੱਜ ਹੀ ਵਾਪਸ ਲਈ ਸੀ ਪਟੀਸ਼ਨ

ਮੁਹਾਲੀ :ਪਿਛਲੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਹੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲਈ ਸੀ। ਆਸ਼ੂ ਨੇ ਪਟੀਸ਼ਨ ਦਾਇਰ ਕਰਕੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟਇਆ ਸੀ। ਸਾਬਕਾ ਮੰਤਰੀ ਨੇ ਮੰਗ ਕੀਤੀ ਸੀ ਕਿ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਘੱਟੋ-ਘੱਟ ਸੱਤ ਦਿਨ ਦਾ ਨੋਟਿਸ ਦਿੱਤਾ ਜਾਵੇ। ਆਸ਼ੂ ਨੇ ਇਹ ਵੀ ਦਲੀਲ ਦਿੱਤੀ ਸੀ ਕਿ ਜੇਕਰ ਵਿਜੀਲੈਂਸ ਨੂੰ ਉਸ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਹਨ ਤਾਂ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ, ਬਸ਼ਰਤੇ ਵਿਜੀਲੈਂਸ ਦੀ ਜਾਂਚ ਬਿਲਕੁਲ ਨਿਰਪੱਖ ਹੋਵੇ। ਹਾਲਾਂਕਿ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਦੀ ਪਟੀਸ਼ਨ ’ਤੇ ਦੋ-ਤਿੰਨ ਵਾਰ ਸੁਣਵਾਈ ਜ਼ਰੂਰ ਹੋਈ ਹੈ ਪਰ ਅਦਾਲਤ ਨੇ ਉਸ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ। ਇਸ ਕਾਰਨ ਅੱਜ ਉਨ੍ਹਾਂ ਪਟੀਸ਼ਨ ਵਾਪਸ ਲੈਂਦਿਆਂ ਕਿਹਾ ਸੀ ਕਿ ਉਹ ਨਵੇਂ ਸਿਰਿਓਂ ਅਰਜ਼ੀ ਦਾਇਰ ਕਰਨਗੇ। ਉਧਰ, ਵਿਜੀਲੈਂਸ ਨੇ ਆਸ਼ੂ ਖ਼ਿਲਾਫ਼ 18 ਸ਼ਿਕਾਇਤਾਂ ਮਿਲਣ ਦਾ ਹਵਾਲਾ ਦਿੱਤਾ ਹੈ, ਜਿਨ੍ਹਾਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਐੱਸਐੱਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਲਕੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਵਿਜੀਲੈਂਸ ਦਫਤਰ ਬਾਹਰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ।

ਸਰਕਾਰ ਦੀ ਧੱਕੇਸ਼ਾਹੀ ਦਾ ਸੂਬਾ ਪੱਧਰ ’ਤੇ ਦੇਵਾਂਗੇ ਜਵਾਬ: ਵੜਿੰਗ

ਲੁਧਿਆਣਾ:ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਰਾਤ 10 ਵਜੇ ਦੇ ਕਰੀਬ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵਿਜੀਲੈਂਸ ਦਫ਼ਤਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਵਿਜੀਲੈਂਸ ਦਫ਼ਤਰ ਦੇ ਬਾਹਰੋਂ ਕਾਂਗਰਸੀਆਂ ਦਾ ਧਰਨਾ ਚੁੱਕਵਾਇਆ ਤੇ ਕਾਂਗਰਸੀਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਬਾਹਰ ਇਕੱਠਾ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਉਹ ਸੂਬਾ ਪੱਧਰ ’ਤੇ ਆਪ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਜਵਾਬ ਦੇਣਗੇ। 

Add a Comment

Your email address will not be published. Required fields are marked *