ਰਾਜੇ ਖ਼ਿਲਾਫ਼ ਦੋਸ਼ਾਂ ਬਾਰੇ ਕਾਰਵਾਈ ਨਾ ਕਰਨ ’ਤੇ ਪਾਇਲਟ ਵੱਲੋਂ ਕਾਂਗਰਸ ਦਾ ਘਿਰਾਓ

ਜੈਪੁਰ, 19 ਜਨਵਰੀ-: ਕਾਂਗਰਸ ਨੇਤਾ ਸਚਿਨ ਪਾਇਲਟ ਨੇ ਅੱਜ ਇੱਥੇ ਇੱਕ ਵਾਰ ਮੁੜ ਅਸ਼ੋਕ ਗਹਿਲੋਤ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸਰਕਾਰ ਨੂੰ ਸਵਾਲ ਕੀਤਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਸਮੂਹਿਕ ਤੌਰ ’ਤੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਵਸੁੰਧਰਾ ਰਾਜੇ ਖ਼ਿਲਾਫ਼ ਲਾਏ ਗਏ ਦੋਸ਼ਾਂ ’ਤੇ ਸੂਬੇ ਦੀ ਮੌਜੂਦਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਪਾਇਲਟ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੇ ਨੇਤਾ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ’ਤੇ ਝੂਠੇ ਦੋਸ਼ ਲਗਾਉਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਈਡੀ ਵੱਲੋਂ ਪੁੱਛ ਪੜਤਾਲ ਲਈ ਬੁਲਾਇਆ ਜਾਂਦਾ ਹੈ ਅਤੇ ਉਨ੍ਹਾਂ ਦਾ ਅਪਮਾਨ ਕੀਤਾ ਜਾਂਦਾ ਹੈ ਪਰ ਰਾਜਸਥਾਨ ਵਿੱਚ ਜੋ ਭਾਜਪਾ ਦੇ ਨੇਤਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਹੋਏ ਸਨ, ਸੂਬੇ ਦੀ ਕਾਂਗਰਸ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕਰਦੀ। ਕਾਂਗਰਸ ਨੇਤਾ ਪਾਇਲਟ ਨੇ ਕਿਹਾ ਕਿ ਜਦੋਂ ਉਹ ਕਾਂਗਰਸ ਦੇ ਸੂਬਾਈ ਪ੍ਰਧਾਨ ਸਨ ਤਾਂ ਉਨ੍ਹਾਂ ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਤਤਕਾਲੀ ਸਰਕਾਰ ਵੱਲੋਂ  ਕੀਤੇ ਗਏ ਭ੍ਰਿਸ਼ਟਾਚਾਰ ਨੂੰ ਉਭਾਰਿਆ ਸੀ ਅਤੇ ਕਾਂਗਰਸ ਪਾਰਟੀ ਨੇ ਰਾਜੇ ਖ਼ਿਲਾਫ਼ ਸਮੂਹਿਕ ਤੌਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ ਪਰ ਕੋਈ ਕਾਰਵਾਈ ਨਹੀਂ ਹੋਈ।

Add a Comment

Your email address will not be published. Required fields are marked *