ਪੰਜਾਬ ਨੂੰ ਸਨਅਤੀ ਕੇਂਦਰ ਵਜੋਂ ਵਿਕਸਤ ਕਰਾਂਗੇ: ਭਗਵੰਤ ਮਾਨ

ਪੰਜਾਬ ਦੇ ਉਦਯੋਗਿਕ ਪੱਖ ਤੋਂ ਪਛੜਨ ਲਈ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਆਖਿਆ ਕਿ ‘ਆਪ’ ਸਰਕਾਰ ਪੰਜਾਬ ਨੂੰ ਇੰਡਸਟਰੀ ਹੱਬ ਵਜੋਂ ਵਿਕਸਤ ਕਰੇਗੀ ਤਾਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਲਗਾਤਾਰ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਨਾਲ ਰਾਬਤਾ ਸਾਧ ਰਹੇ ਹਨ। ਜਾਣਕਾਰੀ ਅਨੁਸਾਰ 22 ਅਤੇ 23 ਫਰਵਰੀ ਨੂੰ ‘ਇਨਵੈਸਟ ਇਨ ਪੰਜਾਬ’ ਦੇ ਬੈਨਰ ਹੇਠਾਂ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।

ਅੱਜ ਪਟਿਆਲਾ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਜਿੱਥੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ ਗਈਆਂ ਹਨ, ਉੱਥੇ ਹੀ ਸਰਕਾਰ ਆਪਣੇ ਵਾਅਦੇ ਮੁਤਾਬਿਕ ਕੱਚੇ ਮੁਲਾਜ਼ਮਾਂ ਨੂੰ ਵੀ ਪੱਕੇ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨੀ ਅੜਚਣਾਂ ਦੂਰ ਕਰ ਰਹੀ ਹੈ, ਤਾਂ ਜੋ ਸੇਵਾਵਾਂ ਰੈਗੂਲਰ ਹੋਣ ਮਗਰੋਂ ਮੁਲਾਜ਼ਮਾਂ ਨੂੰ ਕਾਨੂੰਨੀ ਪੱਖ ਤੋਂ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਧਰਨੇ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਪ੍ਰਦਰਸ਼ਨਾਂ ਨੂੰ ਠੱਲ੍ਹ ਕੇ ਉਹ ਆਪਣੀ ਵਾਰੀ ਦੀ ਉਡੀਕ ਕਰਨ ਕਿਉਂਕਿ ਇੱਕ-ਇੱਕ ਕਰਕੇ ਹਰੇਕ ਯੋਗ ਮੁਲਾਜ਼ਮ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਇੱਥੇ ਸਰਕਟ ਹਾਊਸ ਵਿੱਚ ਲੋਕ ਮਿਲਣੀ ਦੇ ਬੈਨਰ ਹੇਠ ਮੁੱਖ ਮੰਤਰੀ ਨੇ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਅਤੇ ਕੌਂਸਲਰ ਕ੍ਰਿਸ਼ਨ ਚੰਦ ਬੁੱਧੂ ਨੇ ਨਗਰ ਨਿਗਮ ਦੇ ਜਾਰੀ ਕਾਰਜਕਾਲ ਦੌਰਾਨ ਹੋਏ ਕੰਮਾਂ ਦੀ ਜਾਂਚ ਸਮੇਤ ਨਿਗਮ ਨਾਲ ਸਬੰਧਤ ਕੁਝ ਵਿਸ਼ੇਸ਼ ਸ਼ਖ਼ਸੀਅਤਾਂ ਦੀ ਜਾਇਦਾਦ ਦੀ ਜਾਂਚ ਵੀ ਮੰਗੀ, ਜਿਸ ’ਤੇ ਦੌਰਾਨ ਮੁੱਖ ਮੰਤਰੀ ਨੇ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ। ਨਵਜੋਤ ਸਿੱਧੂ ਦੀ ਰਿਹਾਈ ਬਾਰੇ ਪੁੱਛਣ ’ਤੇ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦੇ ਸਕਦੇ।

Add a Comment

Your email address will not be published. Required fields are marked *