ਰਾਮ ਰਹੀਮ ਨੂੰ ਪੈਰੋਲ ਮਿਲਣ ‘ਤੇ ਸੁਖਬੀਰ ਬਾਦਲ ਬੋਲੇ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਜਬਰ-ਜ਼ਿਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਦੇਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਵਲੂੰਧਰੇ ਸਿੱਖ ਹਿਰਦਿਆਂ ’ਤੇ ਮੱਲ੍ਹਮ ਲਾਈ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੀ ਥਾਂ ਸਰਕਾਰਾਂ ਜਬਰ-ਜ਼ਿਨਾਹ ਅਤੇ ਕਤਲ ਦੇ ਦੋਸ਼ੀਆਂ ਨੂੰ ਖ਼ੁਸ਼ ਕਰਨ ਵਾਸਤੇ ਪੂਰਾ ਜ਼ੋਰ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਮੇਂ ਦੀਆਂ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਬੇਨਕਾਬ ਹੋ ਗਈ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਭਾਜਪਾ ਦੇ ਐੱਸ. ਸੀ. ਵਿੰਗ ਦੇ ਮੀਤ ਪ੍ਰਧਾਨ ਰਾਕੇਸ਼ ਕੁਮਾਰ ਰਿੰਕੂ ਨੂੰ ਉਨ੍ਹਾਂ ਦੇ ਹਜ਼ਾਰਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਰਿੰਕੂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਮਾਝਾ ਇਲਾਕੇ ਵਿਚ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਆਨਬਾਜ਼ੀ ਕਰਨ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਏ ਮੈਰੀਟੋਰੀਅਸ ਸਕੂਲ ਚਲਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਜਿਸ ਦੀ ਸ਼ਲਾਘਾ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਿਰਫ਼ ਸਸਤੀ ਸ਼ੌਹਰਤ ਵਿਚ ਵਿਸ਼ਵਾਸ ਰੱਖਦੀ ਹੈ। ਇਸ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਬਣਾਏ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਬਦਲ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਪਰ ਇਸ ਕਦਮ ਦਾ ਵੀ ਲੋਕਾਂ ਨੂੰ ਕੋਈ ਫਾਇਦਾ ਨਹੀਂ ਹੋਇਆ ਕਿਉਂਕਿ ਇਨ੍ਹਾਂ ਕਲੀਨਿਕਾਂ ਵਿਚ ਡਾਕਟਰ ਅਤੇ ਦਵਾਈਆਂ ਹੀ ਨਹੀਂ ਹਨ।

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਆਖਣ ’ਤੇ ਪ੍ਰਤੀਕਰਮ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਨੂੰ ਬਣਾਉਣ ਵਿਚ ਪਾਏ ਯੋਗਦਾਨ ਲਈ ਉਨ੍ਹਾਂ ਦੀ ਦੁਨੀਆਂ ਭਰ ਵਿਚ ਸਿਫਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਹ ਹੈਰਾਨ ਹਨ ਕਿ ਰਾਹੁਲ ਗਾਂਧੀ, ਜੋ ਮੌਕੇ ’ਤੇ ਮੌਜੂਦ ਸਨ, ਨੇ ਇਸ ’ਤੇ ਇਤਰਾਜ਼ ਨਹੀਂ ਕੀਤਾ ਅਤੇ ਬਾਜਵਾ ਨੂੰ ਆਪਣਾ ਬਿਆਨ ਵਾਪਸ ਲੈਣ ਵਾਸਤੇ ਨਹੀਂ ਆਖਿਆ। ਉਨ੍ਹਾਂ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈਕਿ ਕਾਂਗਰਸ ਪਾਰਟੀ ਨੇ ਬਾਜਵਾ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਪਤਾ ਚਲਦਾ ਹੈ ਕਿ ਪਾਰਟੀ ਡਾ. ਮਨਮੋਹਨ ਸਿੰਘ ਦੀ ਵਿਰਾਸਤ ਨੁੰ ਤਬਾਹ ਕਰਨ ਲਈ ਰਲਗੱਢ ਹੈ। ਇਸ ਮੌਕੇ ਸੀਨੀਅਰ ਆਗੂ ਅਨਿਲ ਜੋਸ਼ੀ, ਗੁਲਜ਼ਾਰ ਸਿੰਘ ਰਣੀਕੇ ਤੇ ਗੁਰਪ੍ਰਤਾਪ ਸਿੰਘ ਟਿੱਕਾ ਵੀ ਹਾਜ਼ਰ ਸਨ।

Add a Comment

Your email address will not be published. Required fields are marked *