ਭਾਰਤ ਜੋੜਨ ਤੋਂ ਪਹਿਲਾਂ ਕਾਂਗਰਸ ਨੂੰ ਜੋੜ ਲੈਣ ਰਾਹੁਲ: ਭਗਵੰਤ ਮਾਨ

ਚੰਡੀਗੜ੍ਹ, 22 ਜਨਵਰੀ-: ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣ ਦੋ ਰੋਜ਼ਾ ਦੌਰੇ ’ਤੇ ਮੁੰਬਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫਿਲਮ ਸਿਟੀ ਬਣਾਈ ਜਾਵੇਗੀ, ਜਿੱਥੇ ਫਿਲਮ ਨਿਰਮਾਤਾ ਸ਼ੂਟਿੰਗ ਕਰ ਸਕਣਗੇ। ਇੱਥੇ ਉਨ੍ਹਾਂ ਨੂੰ ਹੋਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈ ਜਾਣਗੀਆਂ। ਇਸ ਸਬੰਧੀ ਸਰਕਾਰ ਵੱਲੋਂ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨਹੀਂ ਸਗੋਂ ਲੋਕਾਂ ਦੇ ਦੁੱਖ ਦੂਰ ਕਰਨ ਵਾਲੇ ਹਨ। ਮੁੰਬਈ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਹੁਲ ਗਾਂਧੀ ‘ਭਾਰਤ ਜੋੜੋ’ ਯਾਤਰਾ ਕੱਢ ਰਹੇ ਹਨ ਪਰ ਉਨ੍ਹਾਂ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਹ ਭਾਰਤ ਨੂੰ ਜੋੜਨ ਤੋਂ ਪਹਿਲਾਂ ਕਾਂਗਰਸ ਨੂੰ ਜੋੜ ਲੈਣ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਦਿੱਲੀ ਵਿੱਚ ਕੋਈ ਵਿਧਾਇਕ ਜਾਂ ਸੰਸਦ ਮੈਂਬਰ ਨਹੀਂ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਉੱਧਰ ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਦੇ ਐਲਾਨ ਵਿੱਚ ਵੀ ਇੱਕ ਮਹੀਨਾ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਤਾਂ ਖੁਦ ਦਿੱਲੀ ਤੋਂ ਚੱਲ ਰਹੀ ਹੈ ਅਤੇ ਦੋਸ਼ ਦੂਜਿਆਂ ’ਤੇ ਲਗਾ ਰਹੀ ਹੈ।

ਸ੍ਰੀ ਮਾਨ ਨੇ ਕਿਹਾ ਕਿ ਪੂਰੀ ਦੁਨੀਆਂ ਪੰਜਾਬੀ ਸੰਗੀਤ ਦੀ ਪ੍ਰਸ਼ੰਸਕ ਹੈ। ਬੌਲੀਵੁੱਡ ਫਿਲਮਾਂ ਪੰਜਾਬੀ ਗਾਇਕਾਂ ਬਿਨਾਂ ਪੂਰੀਆਂ ਨਹੀਂ ਹੁੰਦੀਆਂ। ਅੱਜ 80 ਫ਼ੀਸਦ ਬੌਲੀਵੁੱਡ ਫਿਲਮਾਂ ਪੰਜਾਬ ਨਾਲ ਸਬੰਧਤ ਬਣ ਰਹੀਆਂ ਹਨ। ਇਨ੍ਹਾਂ ਦੀ ਸ਼ੂਟਿੰਗ ਵੀ ਪੰਜਾਬ ਵਿੱਚ ਹੀ ਹੁੰਦੀ ਹੈ। ਇਸ ਲਈ ਪੰਜਾਬੀ ਸੰਗੀਤ ਅਤੇ ਫ਼ਿਲਮਾਂ ਦੀ ਵੱਧ ਰਹੀ ਮੰਗ ਨੂੰ ਵੇਖਦਿਆਂ ਪੰਜਾਬ ਵਿੱਚ ਫਿਲਮ ਸਿਟੀ ਬਣਾਈ ਜਾਵੇਗੀ। ਪੰਜਾਬ ਵਿੱਚ ਫਿਲਮ ਸਿਟੀ ਬਣਨ ਨਾਲ ਜਿੱਥੇ ਸੂਬਾ ਸਰਕਾਰ ਨੂੰ ਵਿੱਤੀ ਲਾਭ ਮਿਲੇਗਾ, ਉੱਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਫਿਲਮ ਸਨਅਤ ਨਾਲ ਜੁੜੇ ਉਨ੍ਹਾਂ ਦੇ ਵੱਡੀ ਗਿਣਤੀ ਦੋਸਤ ਮੁੰਬਈ ਵਿੱਚ ਰਹਿੰਦੇ ਹਨ, ਇਸ ਲਈ ਉਹ ਉਨ੍ਹਾਂ ਨੂੰ ਪੰਜਾਬ ਵਿੱਚ ਕੰਮ ਕਰਨ ਲਈ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਫ਼ਿਲਮ ਸਨਅਤ ਪਹਿਲਾਂ ਹੀ ਬਹੁਤ ਵੱਡੀ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪਾਸਾਰ ਦਾ ਮੌਕਾ ਦੇਵੇਗੀ।

ਇਸ ਦੋ ਰੋਜ਼ਾ ਦੌਰੇ ਦੌਰਾਨ ਮੁੱਖ ਮੰਤਰੀ ਭਲਕੇ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਹ ਅਗਲੇ ਮਹੀਨੇ ਮੁਹਾਲੀ ਵਿੱਚ ਹੋਣ ਵਾਲੇ ‘ਇਨਵੈੱਸਟ ਪੰਜਾਬ’ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸਨਅਤਕਾਰਾਂ ਨੂੰ ਸੱਦਾ ਵੀ ਦੇਣਗੇ।

Add a Comment

Your email address will not be published. Required fields are marked *