‘ਆਪ’ ਸਰਕਾਰ ਨੇ ਖਸਤਾ ਹਾਲ ਡਿਸਪੈਂਸਰੀਆਂ ਦੀ ਹਾਲਤ ਸੁਧਾਰੀ: ਮਾਨ

ਚੰਡੀਗੜ੍ਹ, 30 ਜਨਵਰੀ-: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ’ਚ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਦਿਆਂ ਲੋਕਾਂ ਲਈ 500 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੀਆਂ ਖਸਤਾ ਹਾਲ ਡਿਸਪੈਂਸਰੀਆਂ ਦੀ ਹਾਲਤ ਸੁਧਾਰਨ ਦਾ ਕੰਮ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਮ ਆਦਮੀ ਕਲੀਨਿਕ’ ਵਿੱਚ ਆਉਣ ਵਾਲੇ ਹਰੇਕ ਮਰੀਜ਼ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਰਿਹਾ ਹੈ ਅਤੇ ਇਹ ਰਿਕਾਰਡ ਘਾਤਕ ਬਿਮਾਰੀਆਂ ਨਾਲ ਨਜਿੱਠਣ ਲਈ ਰਣਨੀਤੀ ਘੜਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਤੋਂ ਸੜਦੇ ਹਨ, ਇਸੇ ਕਾਰਨ ਅਜਿਹੀਆਂ ਪਹਿਲਕਦਮੀਆਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜ਼ਾਨਾ ਲੁੱਟਿਆ ਹੈ। ‘ਆਪ’ ਸਰਕਾਰ ਭ੍ਰਿਸ਼ਟ ਲੋਕਾਂ ਨੂੰ ਜੇਲ੍ਹਾਂ ’ਚ ਪਹੁੰਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਉਹ ਇਸ ਭਰੋਸੇ ਨੂੰ ਹਰ ਹੀਲੇ ਬਰਕਰਾਰ ਰੱਖਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਊਂਸਿਪਲ ਭਵਨ ਵਿੱਚ ਲੋਕ ਨਿਰਮਾਣ ਵਿਭਾਗ ਦੇ 188 ਨਵ-ਨਿਯੁਕਤ ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਵੰਡਣ ਸਬੰਧੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਮਾਨ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸਰਕਾਰ ਨੇ 26,074 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਦਕਿ ਹੋਰ ਨੌਕਰੀਆਂ ਦੇਣ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ।

Add a Comment

Your email address will not be published. Required fields are marked *