ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ 3 ਸੂਤਰੀ ਰਣਨੀਤੀ ਕਰੇਗੀ ਲਾਗੂ : ਭਗਵੰਤ ਮਾਨ

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ‘ਐਕਸ਼ਨ, ਨਸ਼ਾ ਛੁਡਾਓ ਅਤੇ ਰੋਕਥਾਮ’ ਦੀ ਤਿੰਨ ਸੂਤਰੀ ਰਣਨੀਤੀ ਨੂੰ ਜ਼ੋਰਦਾਰ ਢੰਗ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ। ਪੰਜਾਬ ਸਿਵਲ ਸਕੱਤਰੇਤ ’ਚ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਤਹਿਤ ਠੋਸ ਕਾਰਵਾਈ ਕਰਨ ਲਈ ਹਰੇਕ ਪੁਲਸ ਸਟੇਸ਼ਨ, ਇਲਾਕੇ ਤੇ ਪਿੰਡ ਅਨੁਸਾਰ ਖੇਤਰ-ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਨਾਲ ਮਿਲੀਭੁਗਤ ਕਰਨ ਵਾਲੇ ਪੁਲਸ ਅਫਸਰਾਂ ਤੇ ਸਰਕਾਰੀ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਸ ਨਾਪਾਕ ਗਠਜੋੜ ਨੂੰ ਨੱਥ ਪਾਈ ਜਾ ਸਕੇ। ਐੱਨ.ਡੀ.ਪੀ.ਐੱਸ. ਐਕਟ-1985 ਦੀਆਂ ਧਾਰਾਵਾਂ ਤਹਿਤ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾਵੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਪੀ. ਆਈ. ਟੀ. ਐੱਨ. ਡੀ. ਪੀ. ਐੱਸ. ਐਕਟ-1988 ਤਹਿਤ ਉਪਬੰਧਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੀ ਸਹੀ ਢੰਗ ਨਾਲ ਜਾਂਚ ਕਰ ਕੇ ਸਪਲਾਈ ਲਾਈਨ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਨੂੰ ਲਾਗੂ ਕੀਤਾ ਜਾਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਅਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਕਿਹਾ। ਹੁਣ ਤੱਕ ਰਾਜ ਵਿੱਚ 167 ਐੱਫ. ਆਈ.ਆਰ ਦਰਜ ਕੀਤੀਆਂ ਗਈਆਂ ਹਨ। ਰਾਜ ਵਿੱਚ ਕੁੱਲ 4.38 ਲੱਖ ਵਿੱਚੋਂ 1.77 ਲੱਖ ਹਥਿਆਰਾਂ ਦੀ ਪੁਸ਼ਟੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਪਹਿਲਾਂ ਹੀ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਡੀ.ਜੀ. ਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 503 ਤੋਂ ਵੱਧ ਗੈਂਗਸਟਰਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਦੋ ਦਾ ਖਾਤਮਾ ਕੀਤਾ ਜਾ ਚੁੱਕਾ ਹੈ ਅਤੇ 138 ਤੋਂ ਵੱਧ ਅਪਰਾਧਿਕ ਗਿਰੋਹਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ। ਇਨ੍ਹਾਂ ਅਪਰਾਧੀਆਂ ਵੱਲੋਂ ਵਰਤੇ ਜਾਂਦੇ 481 ਹਥਿਆਰ ਅਤੇ 106 ਵਾਹਨ ਜ਼ਬਤ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸੰਗਠਿਤ ਅਪਰਾਧਾਂ ’ਤੇ ਸ਼ਿਕੰਜਾ ਕੱਸਣ ਲਈ ਕਿਹਾ।

Add a Comment

Your email address will not be published. Required fields are marked *