ਮੁੱਖ ਮੰਤਰੀ ਨੇ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਾਂ ਨੂੰ ਸੂਬੇ ’ਚ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਦਿੱਤਾ ਸੱਦਾ

ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੱਖਿਆ ਦੇ ਖੇਤਰ ਵਿਚ ਆਪਣੇ ਪੇਸ਼ੇਵਰ ਗਿਆਨ ਤੇ ਹੁਨਰ ਨੂੰ ਅਪਗ੍ਰੇਡ ਕਰਨ ਵਾਸਤੇ ਸਿੰਗਾਪੁਰ ਜਾਣ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਸੂਬੇ ਵਿਚ ਪਿਛਲੇ 10 ਮਹੀਨਿਆਂ ਤੋਂ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਅਧਿਆਪਕਾਂ ਨੂੰ ਵਿਦੇਸ਼ ਵਿਚ ਟ੍ਰੇਨਿੰਗ ਲਈ ਭੇਜਣਾ ਹੈ, ਜਿਸ ਨੂੰ ਸ਼ੁੱਕਰਵਾਰ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਵਿਦਿਆਰਥੀਆਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ। ਇਸ ਕਦਮ ਦਾ ਇਕੋ-ਇਕ ਮਕਸਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਰਗੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਵਿਦਿਆਰਥੀ ਆਉਣ ਵਾਲੀਆਂ ਵਿੱਦਿਅਕ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕਰ ਸਕਣ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦਾ ਮਿਆਰ ਉੱਚਾ ਚੁੱਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਦੀ ਮਿਆਰੀ ਟ੍ਰੇਨਿੰਗ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਹੁਨਰ ਨੂੰ ਹੋਰ ਨਿਖਾਰਨ ਦਾ ਫੈਸਲਾ ਕੀਤਾ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਇਸ ਗਾਰੰਟੀ ਦੇ ਹਿੱਸੇ ਵਜੋਂ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ ਸਿੰਗਾਪੁਰ ਗਿਆ ਹੈ। ਇਹ ਪ੍ਰਿੰਸੀਪਲ 6 ਤੋਂ 10 ਫਰਵਰੀ ਤਕ ਹੋਣ ਵਾਲੇ ਪ੍ਰੋਫੈਸ਼ਨਲ ਟੀਚਰ ਟ੍ਰੇਨਿੰਗ ਸੈਮੀਨਾਰ ਵਿਚ ਹਿੱਸਾ ਲੈਣਗੇ। ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਪਹਿਲਾ ਬੈਚ 11 ਫਰਵਰੀ ਨੂੰ ਵਾਪਸ ਆਵੇਗਾ। ਇਹ ਟ੍ਰੇਨਿੰਗ ਅਧਿਆਪਕਾਂ ਨੂੰ ਆਧੁਨਿਕ ਅਭਿਆਸਾਂ ਅਤੇ ਲੀਡਰਸ਼ਿਪ ਦੇ ਹੁਨਰ ਨਾਲ ਲੈਸ ਕਰ ਕੇ ਉਨ੍ਹਾਂ ਦੀ ਸੋਚ ਨੂੰ ਹੋਰ ਵਧਾਏਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਈ ਕੀਤੇ ਗਏ ਨਵੇਂ ਉਪਰਾਲੇ ਮੀਲ ਪੱਥਰ ਸਾਬਿਤ ਹੋਣਗੇ ਅਤੇ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣ ਜਾਵੇਗਾ।

Add a Comment

Your email address will not be published. Required fields are marked *