ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਭਾਜਪਾ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਨੇ 2019 ’ਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ। ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਬਠਿੰਡਾ ਦੇ ਐੱਮ. ਪੀ. ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁੱਕਰ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਇਕ ਆਮ ਉਮਰ ਕੈਦ ਨਾਲੋਂ ਦੁੱਗਣਾ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ’ਚ ਕੱਟ ਲਿਆ ਹੈ।

ਬਾਦਲ ਨੇ ਕਿਹਾ ਕਿ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਫਾਈਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਵਿਚ ਇਕ ਸਾਲ ਤੋਂ ਪਈ ਹੈ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਸਜ਼ਾ ਸਮੀਖਿਆ ਬੋਰਡ ਦੀ ਰਸਮੀ ਮਨਜ਼ੂਰੀ ਦੀ ਲੋੜ ਹੈ ਪਰ ਉਸ ਦੀ ਮੀਟਿੰਗ ਵਾਰ-ਵਾਰ ਮੁਲਤਵੀ ਕੀਤੀ ਜਾ ਰਹੀ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਬਹੁਤ ਨਤੀਜਾਮੁਖੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਮਹਿਲਾ ਵਿੰਗ ਦੇ ਵਰਕਰਾਂ ਦੇ ਉਤਸ਼ਾਹ ਤੋਂ ਹੈਰਾਨ ਹਨ ਕਿਉਂਕਿ ਉਹ ਦਹਾਕਿਆਂ ਤੋਂ ਬਿਨਾਂ ਕਿਸੇ ਲੋਭ-ਲਾਲਚ ਤੇ ਇਨਾਮਾਂ ਦੇ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ।

ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਲਿਆਉਣ ਵਿਚ ਔਰਤਾਂ ਦਾ ਵੱਡਾ ਰੋਲ ਹੈ। ਉਨ੍ਹਾਂ ਕਿਹਾ ਕਿ ਹੁਣ ਔਰਤਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਉਹ ਕਾਂਗਰਸ ਤੇ ‘ਆਪ’ ਦੋਵਾਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਈਆਂ ਹਨ। ਉਹਨਾਂ ਕਿਹਾ ਕਿ ਵਰਕਰਾਂ ਨੇ ਫੈਸਲਾ ਲਿਆ ਹੈ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਦਾ ਟਾਕਰਾ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਸੂਬੇ ਦੀਆਂ ਔਰਤਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਕੀਤੇ ਜਾਣਗੇ।

Add a Comment

Your email address will not be published. Required fields are marked *