ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਚੱਲ ਰਹੀ ਪੜਤਾਲ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ), 13 (2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰ ਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੀ ਚੈਕਿੰਗ ਸਮਾਂ ਸੀਮਾ ਵਿਚ ਉਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਅਤੇ 48 ਪੈਸੇ ਸੀ, ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ 87 ਪੈਸੇ ਸੀ, ਜੋ ਕਿ 6 ਕਰੋੜ 39 ਲੱਖ 18 ਹਜ਼ਾਰ 292 ਰੁਪਏ 39 ਪੈਸੇ ਵੱਧ ਸੀ। ਇਹ ਖਰਚਾ ਉਨ੍ਹਾਂ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸਤ ਵੱਧ ਹੈ।

ਬੁਲਾਰੇ ਨੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਭਲਕੇ ਮੋਹਾਲੀ ਦੀ ਅਦਾਲਤ ’ਚ ਪੇਸ ਕੀਤਾ ਜਾਵੇਗਾ।

Add a Comment

Your email address will not be published. Required fields are marked *