ਕੈਨੇਡਾ ਬੈਠੇ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ 3 ਸਾਥੀਆਂ ਸਣੇ ਕਾਬੂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਕੈਨੇਡਾ ਆਧਾਰਿਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦੇ ਸਹਿਯੋਗੀ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4 ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁੱਖ ਦੋਸ਼ੀ ਦੀ ਪਛਾਣ ਵਿਜੈ ਕੁਮਾਰ ਉਰਫ ਤੋਤੀ ਵਾਸੀ ਪਿੰਡ ਭੀਖਾ ਨੰਗਲ, ਕਰਤਾਰਪੁਰ ਵਜੋਂ ਹੋਈ ਹੈ, ਜਦਕਿ ਉਸ ਦੇ ਤਿੰਨ ਸਾਥੀਆਂ ਦੀ ਪਛਾਣ ਅਮਰਦੀਪ ਸਿੰਘ ਉਰਫ ਪਟਵਾਰੀ, ਸੂਰਜ ਸਿੰਘ ਅਤੇ ਰਾਹੁਲ ਲਹੌਚ ਵਜੋਂ ਹੋਈ ਹੈ, ਜੋ ਜਲੰਧਰ ਦੇ ਰਹਿਣ ਵਾਲੇ ਹਨ।

ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੁੱਖ ਮੁਲਜ਼ਮ ਵਿਜੈ ਉਰਫ਼ ਤੋਤੀ ਨਸ਼ਿਆਂ, ਗ਼ੈਰ-ਕਾਨੂੰਨੀ ਹਥਿਆਰਾਂ, ਅਗਵਾ ਅਤੇ ਫਿਰੌਤੀ ਨਾਲ ਸਬੰਧਤ 18 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਜਾਣਕਾਰੀ ਮਿਲਣ ਕਿ ਦੋਸ਼ੀ ਵਿਜੈ ਆਪਣੇ ਗਿਰੋਹ ਦੇ ਮੈਂਬਰਾਂ ਨਾਲ ਮਿਲ ਕੇ ਕਰਤਾਰਪੁਰ ਖੇਤਰ ’ਚ ਅਪਰਾਧ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ, ਜਲੰਧਰ ਦਿਹਾਤੀ ਦੀ ਪੁਲਸ ਟੀਮ ਨੇ ਤੁਰੰਤ ਜਲੰਧਰ ਦੇ ਦੁਰਗੀ ਖੇਤਰ ’ਚ ਡਰੇਨ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋ ਮੋਟਰਸਾਈਕਲਾਂ ’ਤੇ ਸਵਾਰ 4 ਮੁਲਜ਼ਮਾਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਪੁਲਸ ਨੇ ਦੋਵਾਂ ਮੋਟਰਸਾਈਕਲਾਂ ਨੂੰ ਕਬਜ਼ੇ ’ਚ ਲੈ ਲਿਆ ਅਤੇ ਮੁਲਜ਼ਮਾਂ ਕੋਲੋਂ 4 ਪਿਸਤੌਲ, ਜਿਨ੍ਹਾਂ ’ਚ 10 ਜ਼ਿੰਦਾ ਕਾਰਤੂਸਾਂ ਸਮੇਤ ਦੋ .32 ਬੋਰ ਦੇਸੀ ਪਿਸਤੌਲ, ਦੋ ਜ਼ਿੰਦਾ ਕਾਰਤੂਸਾਂ ਸਮੇਤ ਇਕ 9 ਐੱਮ.ਐੱਮ. ਦੇਸੀ ਪਿਸਤੌਲ ਅਤੇ 1 ਜ਼ਿੰਦਾ ਕਾਰਤੂਸ ਸਮੇਤ .12 ਬੋਰ ਦੇਸੀ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਸ (ਐੱਸ.ਐੱਸ.ਪੀ.) ਜਲੰਧਰ ਦਿਹਾਤੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਕਪੂਰਥਲਾ ਪੁਲਸ ਨੂੰ ਅਗਵਾ ਕਰਨ ਦੇ ਮਾਮਲੇ ’ਚ ਵੀ ਲੋੜੀਂਦੇ ਸਨ, ਜਿਨ੍ਹਾਂ ਨੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਗਾਜੀ ਗਡਾਣਾ ਦੇ ਇਕ ਵਸਨੀਕ ਨੂੰ ਅਗਵਾ ਕਰ ਕੇ ਉਸ ਦੀ ਰਿਹਾਈ ਲਈ 3 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਹ ਮਾਮਲਾ ਕਪੂਰਥਲਾ ਦੇ ਥਾਣਾ ਢਿੱਲਵਾਂ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379-ਬੀ, 386, 392 ਅਤੇ 506 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਕਰਤਾਰਪੁਰ ਵਿਖੇ ਐੱਫ. ਆਈ. ਆਰ. ਨੰ. 16  ਅਧੀਨ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

Add a Comment

Your email address will not be published. Required fields are marked *