ਸਰਕਾਰ ਜੇਪੀਸੀ ਜਾਂਚ ਤੋਂ ਕਿਉਂ ਭੱਜ ਰਹੀ ਹੈ: ਕਾਂਗਰਸ

ਨਵੀਂ ਦਿੱਲੀ:ਕਾਂਗਰਸ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਹ ਅਡਾਨੀ-ਹਿੰਡਨਬਰਗ ਮੁੱਦੇ ’ਤੇ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਾਉਣ ਦੀ ਮੰਗ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਛਿਪਾਉਣ ਲਈ ਕੁਝ ਵੀ ਨਹੀਂ ਹੈ ਤਾਂ ਸਰਕਾਰ ਨੂੰ ਜਾਂਚ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਕਾਂਗਰਸ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਬਿਆਨ ਦਿੱਤਾ ਹੈ ਕਿ ਭਾਜਪਾ ਲਈ ਇਸ ਮਾਮਲੇ ’ਚ ਛਿਪਾਉਣ ਜਾਂ ਉਸ ਤੋਂ ਡਰਨ ਵਾਸਤੇ ਕੁਝ ਵੀ ਨਹੀਂ ਹੈ। ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਥੇ ਪਾਰਟੀ ਹੈੱਡਕੁਆਰਟਰ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਅਡਾਨੀ ਗਰੁੱਪ ਖ਼ਿਲਾਫ਼ ਦੋਸ਼ਾਂ ਦੀ ਨਿਰਪੱਖ ਜਾਂਚ ਲਈ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਅਤੇ ਸੇਬੀ ਮੁਖੀ ਮਾਧਵੀ ਪੁਰੀ ਬੁਚ ਨੂੰ ਪੱਤਰ ਲਿਖਿਆ ਹੈ। ਕਾਂਗਰਸ ਆਗੂ ਨੇ ਕਿਹਾ ਕਿ ਜਾਂਚ ਅਡਾਨੀ ਅਤੇ ਉਸ ਦੇ ਸਰਕਾਰ ਨਾਲ ਸਬੰਧਾਂ ਬਾਰੇ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪ੍ਰਾਈਵੇਟ ਨਿਵੇਸ਼ ਦੇ ਪੱਖ ’ਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਰੀਆਂ ਵਿਰੋਧੀ ਧਿਰਾਂ ਅਡਾਨੀ ਮੁੱਦੇ ’ਤੇ ਜੇਪੀਸੀ ਜਾਂਚ ਦੀ ਮੰਗ ਨੂੰ ਲੈ ਕੇ ਇਕਜੁੱਟ ਹਨ। ਜੈਰਾਮ ਰਮੇਸ਼ ਨੇ ਕਿਹਾ ਕਿ ਰਾਹੁਲ ਲੋਕ ਸਭਾ ’ਚ ਦਿੱਤੇ ਬਿਆਨ ਲਈ ਮੁਆਫ਼ੀ ਨਹੀਂ ਮੰਗਣਗੇ ਅਤੇ ਉਹ ਸਰਕਾਰ ਤੋਂ ਸਵਾਲ ਪੁੱਛਣਾ ਜਾਰੀ ਰਖਣਗੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ’ਤੇ ਦਬਾਅ ਬਣਾ ਕੇ ਅਜਿਹੀਆਂ ਸ਼ਰਤਾਂ ਮਨਜ਼ੂਰ ਕਰਵਾਈਆਂ ਜਿਨ੍ਹਾਂ ਨਾਲ ਅਡਾਨੀ ਪਾਵਰ ਨੂੰ ਲਾਭ ਹੋਣਾ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ’ਚ ਆਉਂਦੇ ਹੀ ‘ਡਬਲ ਏ’ ਦੋਸਤਾਂ ਨੂੰ ਲਾਭ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਸੀ।

Add a Comment

Your email address will not be published. Required fields are marked *