ਜਲੰਧਰ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਨਿਸ਼ਾਨੇ

ਜਲੰਧਰ : ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜਲੰਧਰ ਪਹੁੰਚਣ ’ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੀ. ਏ. ਦੇ ਰਿਸ਼ਵਤ ਕਾਂਡ ਸਬੰਧੀ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ’ਚ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਂਦਾ ਭਾਵੇਂ ਉਹ ਆਪਣਾ ਹੋਵੇ ਜਾਂ ਪਰਾਇਆ। ਮੰਤਰੀ ਅਰੋੜਾ ਨੇ ਸੁਖਬੀਰ ਬਾਦਲ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ 10 ਸਾਲ ਸੱਤਾ ’ਚ ਰਹੀ, ਤਾਂ ਉਸ ਸਮੇਂ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ‘ਚ ਗੜੁੱਚ ਸਨ। ਇਸ ਲਈ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਗੱਲ ਹੀ ਨਹੀਂ ਕਰਨੀ ਚਾਹੀਦੀ।

ਉਨ੍ਹਾਂ ਨੂੰ ਸਾਡੀ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ’ਤੇ ਕੁਝ ਵੀ ਕਹਿਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਬਿਆਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ’ਚ ਕੁਝ ਨਹੀਂ ਕਹਿਣਾ ਚਾਹੁੰਦੇ, ਵਿਜੀਲੈਂਸ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਉਨ੍ਹਾਂ ਦੇ ਵਿਭਾਗ ਦੇ ਇਕ ਅਧਿਕਾਰੀ ਨੇ ਇਸ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ ਅਤੇ ਉਨ੍ਹਾਂ ਨੇ ਧਰਮਸੋਤ ਨੂੰ ਬਚਾਉਣ ਲਈ ਕੇਸ ਦਬਾਇਆ ਅਤੇ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੀ ਗਈ। ਅਮਨ ਅਰੋੜਾ ਨੇ ਕਿਹਾ ਕਿ ਵਿਜੀਲੈਂਸ ਵਿਭਾਗ ਆਪਣੀ ਕਾਰਵਾਈ ਕਰ ਰਿਹਾ ਹੈ, ਜੇਕਰ ਉਹ ਗ਼ਲਤ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।

ਪੰਜਾਬ ’ਚ ਲੋਕਾਂ ਨੂੰ 5.50 ਰੁਪਏ ਪ੍ਰਤੀ ਸਕੇਅਰ ਫੁੱਟ ਦੇ ਹਿਸਾਬ ਨਾਲ ਰੇਤ ਮਿਲਣੀ ਸ਼ੁਰੂ ਹੋ ਗਈ ਹੈ ਅਤੇ 16 ਖੱਡਾਂ ਤੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋ ਰਹੇ ਹਨ। 50 ਹੋਰ ਅਜਿਹੀਆਂ ਖੱਡਾਂ ਤੋਂ ਰੇਤ ਕੱਢ ਕੇ ਸਾਢੇ 5 ਰੁਪਏ ਦੇ ਹਿਸਾਬ ਨਾਲ ਲੋਕਾਂ ਨੂੰ ਦਿੱਤੀ ਜਾਵੇਗੀ। ਇਸ ਨਾਲ ਰੇਤ ਮਾਫ਼ੀਆ ਦੀ ਰੀੜ੍ਹ ਦੀ ਹੱਡੀ ਟੁੱਟ ਜਾਵੇਗੀ। ਜਲੰਧਰ ’ਚ ਲੰਬੇ ਸਮੇਂ ਤੋਂ ਬੰਦ ਪਏ ਫਲਾਈਓਵਰਾਂ ਬਾਰੇ ਬੋਲਦਿਆਂ ਅਰੋੜਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਉਨ੍ਹਾਂ ਫਲਾਈਓਵਰਾਂ ਦਾ ਕੰਮ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।

Add a Comment

Your email address will not be published. Required fields are marked *