ਦੇਸ਼ ਲਈ ਕੁਰਬਾਨੀਆਂ ਦੇਣ ਵਿੱਚ ਪੰਜਾਬੀ ਮੋਹਰੀ: ਭਗਵੰਤ ਮਾਨ

ਬਲਾਚੌਰ, 17 ਫਰਵਰੀ-: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਬਹਾਦਰੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਆਪਾ ਵਾਰਨ ਵਾਸਤੇ ਪ੍ਰੇਰਦੀ ਰਹੇਗੀ। ਮੁੱਖ ਮੰਤਰੀ ਬਲਾਚੌਰ ਸਬ-ਡਿਵੀਜ਼ਨ ਦੇ ਪਿੰਡ ਚਾਂਦਪੁਰ ਰੁੜਕੀ ਵਿੱਚ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਬ੍ਰਿਗੇਡੀਅਰ ਚਾਂਦਪੁਰੀ ਦੇ ਨਾਂ ’ਤੇ ਬਣੇ ਪਾਰਕ ਅਤੇ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੇ ਨਾਇਕ ਨੇ ਦੇਸ਼ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੇ ਬਲਿਦਾਨ ਨਾਲ ਕੌਮੀ ਸੁਤੰਤਰਤਾ ਅੰਦੋਲਨ ਵਿੱਚ ਵੱਡਾ ਯੋਗਦਾਨ ਪਾਇਆ। ਪੰਜਾਬੀ ਦੇਸ਼ ਦੀ ਆਜ਼ਾਦੀ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ’ਚ ਵੀ ਮੋਹਰੀ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ 1971 ਵਿੱਚ ਪਾਕਿਸਤਾਨ ਨੇ ਭਾਰਤ ਵਿੱਚ ਦਾਖ਼ਲ ਹੋਣ ਲਈ ਲੌਂਗੇਵਾਲਾ ਨੂੰ ਚੁਣਿਆ ਕਿਉਂਕਿ ਉੱਥੇ ਤਾਇਨਾਤ ਬ੍ਰਿਗੇਡੀਅਰ ਚਾਂਦਪੁਰੀ ਕੋਲ ਸਿਰਫ਼ 120 ਫੌਜੀ ਸਨ। ਹਾਲਾਤ ਭਾਰਤ ਦੇ ਪੱਖ ਵਿੱਚ ਨਾ ਹੋਣ ਦੇ ਬਾਵਜੂਦ ਬ੍ਰਿਗੇਡੀਅਰ ਚਾਂਦਪੁਰੀ ਵੱਲੋਂ ਦਿਖਾਈ ਬਹਾਦਰੀ ਨਾਲ ਦੇਸ਼ ਜਿੱਤ ਦੇ ਰਾਹ ਉੱਤੇ ਪੈ ਸਕਿਆ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਫ਼ਨਿਆਂ ਦਾ ਸਮਾਜ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਲਾਕੇ ਦੇ ਕਿਸਾਨਾਂ ਦੀ ਸਹੂਲਤ ਲਈ ਕੰਢੀ ਨਹਿਰ ਨੂੰ ਛੇਤੀ ਹੀ ਚਾਲੂ ਕੀਤਾ ਜਾਵੇਗਾ। ਪਿੰਡ ਵਾਸੀਆਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਡੱਲੇਵਾਲ ਤੋਂ ਚਾਂਦਪੁਰ ਰੁੜਕੀ ਸੜਕ ਨੂੰ 18 ਫੁੱਟ ਚੌੜੀ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨੀ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵੀ ਹੋਵੇ ਜਨਤਕ ਫੰਡ ਖੁਰਦ-ਬੁਰਦ ਕਰਨ ਵਾਲਿਆਂ ਨੂੰ ਗ਼ੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਮੁੱਖ ਮੰਤਰੀ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਵੀ ਨਤਮਸਤਕ ਹੋਏ।

ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਦਿਨੇਸ਼ ਚੱਢਾ, ਬਲਤੇਜ ਪੰਨੂ ਤੋਂ ਇਲਾਵਾ ਬ੍ਰਿਗੇਡੀਅਰ ਕੁਲਦੀਪ ਸਿੰਘ ਦੀ ਪਤਨੀ ਸੁਰਿੰਦਰ ਕੌਰ ਚਾਂਦਪੁਰੀ, ਪੁੱਤਰ ਹਰਦੀਪ ਸਿੰਘ ਚਾਂਦਪੁਰੀ, ਭਤੀਜਾ ਮੋਹਨ ਸਿੰਘ ਤੇ ਬਲਬੀਰ ਸਿੰਘ ਅਤੇ ਸਰਪੰਚ ਬਿੰਦਰ ਰਾਮ ਮੌਜੂਦ ਸਨ।

Add a Comment

Your email address will not be published. Required fields are marked *