ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਦੇ ਹੁਕਮ

ਚੰਡੀਗੜ੍ਹ, 22 ਫਰਵਰੀ-: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਆਪੋ-ਆਪਣੇ ਜ਼ਿਲ੍ਹਿਆਂ ’ਚ ਪਰਲਜ਼ ਗਰੁੱਪ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਰਲਜ਼ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਲਈ ਇਸ ਨੂੰ ਜ਼ਰੂਰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਡਿਪਟੀ ਕਮਿਸ਼ਨਰ ਆਪਣੇ ਜ਼ਿਲ੍ਹੇ ’ਚ ਸਮੂਹ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰ ਕੇ ਰਿਪੋਰਟ ਸੂਬਾ ਸਰਕਾਰ ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਜਸਟਿਸ ਲੋਢਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰੀ ਸੂਚੀ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਜਾਂ ਸੀਨੀਅਰ ਪੁਲੀਸ ਕਪਤਾਨ ਜਾਇਦਾਦਾਂ ਦੀ ਸ਼ਨਾਖ਼ਤ ਕਰਨ ਲਈ ਐੱਸਡੀਐੱਮ ਅਤੇ ਡੀਐੱਸਪੀਜ਼ ਨੂੰ ਸਬ-ਡਿਵੀਜ਼ਨਾਂ ਦੇ ਨੋਡਲ ਅਫ਼ਸਰ ਨਿਯੁਕਤ ਕਰਨ। ਸ੍ਰੀ ਮਾਨ ਨੇ ਕਿਹਾ ਕਿ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਕੀਤੀਆਂ ਜਾਣ ਤਾਂ ਜੋ ਕੋਈ ਵੀ ਸਮੂਹ ਦੀਆਂ ਜਾਇਦਾਦਾਂ ਨੂੰ ਵੇਚ ਜਾਂ ਖਰੀਦ ਨਾ ਸਕੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਪੁਲੀਸ ਡਾਇਰੈਕਟਰ ਜਨਰਲ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰਨ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏਵੇਨੂ ਪ੍ਰਸਾਦ, ਡਾਇਰੈਕਟਰ ਜਨਰਲ ਪੁਲੀਸ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਮੌਜੂਦ ਸਨ।

Add a Comment

Your email address will not be published. Required fields are marked *