ਰਾਜਾ ਵੜਿੰਗ ਵੱਲੋਂ ਅਜਨਾਲਾ ਹਿੰਸਾ ਦੀ ਨਿਖੇਧੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਥਾਣੇ ਲਿਜਾਣ ਨੂੰ ਦੱਸਿਆ ਕਾਇਰਤਾ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਜਨਾਲਾ ਕਸਬੇ ‘ਚ ਹੋਈ ਹਿੰਸਾ ਦੀ ਨਿਖੇਧੀ ਕੀਤੀ ਹੈ ਜਿੱਥੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸਮਰਥਕਾਂ ਨੇ ਇਕ ਪੁਲਸ ਸਟੇਸ਼ਨ ’ਤੇ ਹਮਲਾ ਕਰਕੇ ਕਈ ਪੁਲਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਉਨ੍ਹਾਂ ਧਰਨਾਕਾਰੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ ਨੂੰ ਥਾਣੇ ਲਿਜਾਣ ਦੀ ਨਿਖੇਧੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈ ਕੇ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ।

ਵੜਿੰਗ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਾਨੂੰਨੀ ਕਾਰਵਾਈ ਦੇ ਬਿਨਾਂ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਨੂੰ ਮੁੜ ਹਿੰਸਾ ਦੇ ਕਾਲੇ ਦਿਨਾਂ ਵੱਲ ਧੱਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਚੁਣੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ, “ਅੱਜ ਅਸੀਂ ਜੋ ਕੁਝ ਦੇਖ ਰਹੇ ਹਾਂ ਉਹ ਅਤੀਤ ਦੀ ਯਾਦ ਦਿਵਾਉਂਦਾ ਹੈ ਜਿਸ ਤੋਂ ਹਰ ਪੰਜਾਬੀ ਡਰਿਆ ਹੋਇਆ ਹੈ”।

ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ ਨੂੰ ਥਾਣੇ ਲਿਜਾਣ ਦੀ ਨਿਖੇਧੀ ਕਰਦਿਆਂ ਵੜਿੰਗ ਨੇ ਕਿਹਾ ਕਿ ਇਹ ਉਨ੍ਹਾਂ (ਅੰਮ੍ਰਿਤਪਾਲ ਸਿੰਘ) ਦੀ ਕਾਇਰਤਾ ਨੂੰ ਹੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ, “ਜੇਕਰ ਤੁਹਾਨੂੰ ਸੱਚਮੁੱਚ ਗੁਰੂ ਵਿਚ ਵਿਸ਼ਵਾਸ ਹੈ, ਤਾਂ ਤੁਹਾਨੂੰ ਪੁਲਸ ਨਾਲ ਲੜਣ ਲਈ ਥਾਣੇ ਲਿਜਾਣ ਦੀ ਲੋੜ ਨਹੀਂ ਹੈ”।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਹਨੇਰੇ ਅਤੇ ਹਿੰਸਾ ਦੇ ਇੱਕ ਹੋਰ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ, ਜਿਸ ਨੂੰ ਅੰਮ੍ਰਿਤਪਾਲ ਵਰਗੇ ਲੋਕ ਸੂਬੇ ‘ਤੇ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸ਼ਾਂਤੀ ਅਤੇ ਸਦਭਾਵਨਾ ਚਾਹੁੰਦੇ ਹਨ ਅਤੇ ਉਹ ਕਿਸੇ ਵੀ ਹਿੰਸਾ ਨੂੰ ਸਵੀਕਾਰ ਨਹੀਂ ਕਰਨਗੇ।ਉਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਦਬਾਅ ਅੱਗੇ ਝੁਕ ਕੇ ਹਿੰਸਾ ਦੇ ਕੇਸ ਵਾਪਸ ਲੈਣ ਦੇ ਫੈਸਲੇ ਲਈ ਪੰਜਾਬ ਸਰਕਾਰ ਦੀ ਵੀ ਨਿਖੇਧੀ ਕੀਤੀ। ਵੜਿੰਗ ਨੇ ਕਿਹਾ, “ਤੁਸੀਂ ਇਕ ਖ਼ਤਰਨਾਕ ਮਿਸਾਲ ਕਾਇਮ ਕਰ ਰਹੇ ਹੋ ਅਤੇ ਇਸ ਦਾ ਕੋਈ ਅੰਤ ਨਹੀਂ ਹੋਵੇਗਾ”। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣ।

Add a Comment

Your email address will not be published. Required fields are marked *