ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

 ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਇਸ ’ਚ ਸ਼ਾਮਲ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸੂਬਾ ਪੁਲਸ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਬੇ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਪੱਤਰ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਪੱਤਰ ’ਚ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ’ਚ ਹੋਈ ਘਟਨਾ ਨੂੰ ਲੈ ਕੇ ਗੋਲਡੀ ਬਰਾੜ ਦਾ ਬਿਆਨ ਸੀ। ਪੰਜਾਬ ਪੁਲਸ ਨੇ ਇਸ ਪੱਤਰ ਨੂੰ ਝੂਠਾ ਅਤੇ ਅਫਵਾਹਾਂ ਫੈਲਾਉਣ ਵਾਲਾ ਕਰਾਰ ਦਿੱਤਾ ਹੈ।

ਪੰਜਾਬ ਪੁਲਸ ਨੇ ਸੂਬੇ ਦੇ ਸਾਰੇ ਲੋਕਾਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਕਿਸੇ ਵੀ ਖ਼ਬਰ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਸਬੰਧਤ ਖ਼ਬਰ ਦੀ ਪੁਸ਼ਟੀ ਕਰਨੀ ਲਾਜ਼ਮੀ ਹੈ, ਕਿਉਂਕਿ ਕਈ ਵਾਰ ਵੇਖਿਆ ਗਿਆ ਹੈ ਕਿ ਖ਼ਬਰਾਂ ਸਿਰਫ਼ ਅਫ਼ਵਾਹਾਂ ਫੈਲਾਉਣ ਦੇ ਮਕਸਦ ਨਾਲ ਪਾਈਆਂ ਜਾਂਦੀਆਂ ਹਨ। ਦੂਜੇ ਪਾਸੇ ਡੀ. ਜੀ. ਪੀ. ਗੌਰਵ ਯਾਦਵ ਨੇ ਸੋਮਵਾਰ ਨੂੰ ਮੁੜ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ’ਚ ਜੁਟੇ ਸ਼ਰਾਰਤੀ ਤੱਤਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਪੁਲਸ ਅਜਿਹੇ ਕਿਸੇ ਵੀ ਅਨਸਰ ਦੇ ਖ਼ਿਲਾਫ਼ ਕੋਈ ਰਹਿਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਅਪਰਾਧ ਅਤੇ ਗੈਂਗਸਟਰ ਮੁਕਤ ਪੰਜਾਬ ਦਾ ਸੁਪਨਾ ਵੇਖਿਆ ਹੈ, ਉਸ ਨੂੰ ਪੂਰਾ ਕਰਨ ਲਈ ਪੰਜਾਬ ਪੁਲਸ ਲਗਾਤਾਰ ਯਤਨਸ਼ੀਲ ਹੈ।

Add a Comment

Your email address will not be published. Required fields are marked *