ਬਜਟ ਇਜਲਾਸ: ਪੰਜਾਬ ਦਾ ਅਮਨ ਭੰਗ ਨਹੀਂ ਹੋਣ ਦੇਵਾਂਗੇ: ਮਾਨ

ਪੰਜਾਬ ਵਿਧਾਨ ਸਭਾ ’ਚ ਬਜਟ ਸੈਸ਼ਨ ਮੌਕੇ ਰਾਜਪਾਲ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਹੋਈ ਬਹਿਸ ਦੀ ਸਮਾਪਤੀ ਦੌਰਾਨ ਹਾਕਮ ਧਿਰ ਨੇ ਅੱਜ ਹਮਲਾਵਰ ਰੁਖ਼ ਰੱਖਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਨੂੰ ਸਮੇਟਦਿਆਂ ਜਿੱਥੇ ਪੰਜਾਬ ਦੀ ਤ੍ਰਾਸਦੀ ਲਈ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲਿਆ, ਉੱਥੇ ਉਨ੍ਹਾਂ ਨੇ ‘ਆਪ’ ਸਰਕਾਰ ਦੇ ਇੱਕ ਵਰ੍ਹੇ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਨੂੰ ਵੀ ਉਜਾਗਰ ਕੀਤਾ। ਉਧਰ ਮੁੱਖ ਵਿਰੋਧੀ ਧਿਰ ਕਾਂਗਰਸ ਮੁੱਖ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਹੀ ਸਦਨ ’ਚੋਂ ਵਾਕਆਊਟ ਕਰ ਗਈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਧਾਇਕ ਨੇ ਬਹਿਸ ਨੂੰ ਗਹੁ ਨਾਲ ਸੁਣਿਆ। ਵਿਰੋਧੀ ਧਿਰ ਵੱਲੋਂ ਚੁੱਕੇ ਮੁੱਦਿਆਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ।

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਗੈਰਮੌਜੂਦਗੀ ਵਿੱਚ ਪੰਜਾਬ ਦੀ ਦੁਰਦਸ਼ਾ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ। ਬਹਿਸ ਦੇ ਆਖ਼ਰੀ ਪੜਾਅ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿੰਜਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਭ੍ਰਿਸ਼ਟਾਚਾਰ, ਪੰਚਾਇਤੀ ਜ਼ਮੀਨਾਂ ’ਤੇ ਕਬਜ਼ਿਆਂ, ਗ਼ੈਰਕਾਨੂੰਨੀ ਮਾਈਨਿੰਗ ਅਤੇ ‘ਗ਼ਲਤ ਸੂਚਨਾ ਨਾਲ ਗੁਮਰਾਹ ਕਰਨ ਨੂੰ ਲੈ ਕੇ ਨਿਸ਼ਾਨੇ ’ਤੇ ਰੱਖਿਆ। ਮਾਨ ਨੇ ਅੱਜ ਜਵਾਬੀ ਹਮਲੇ ’ਚ ਖੇਤੀ, ਕਾਨੂੰਨ ਵਿਵਸਥਾ, ਬੇਅਦਬੀ ਮਾਮਲੇ, ਸਨਅਤੀ ਵਿਕਾਸ, ਸਿੱਖਿਆ ਆਦਿ ’ਤੇ ਫੋਕਸ ਕੀਤਾ। ਮੁੱਖ ਮੰਤਰੀ ਨੇ ‘ਵਾਰਿਸ ਪੰਜਾਬ ਦੇ’ ਆਗੂ ਅੰਮ੍ਰਿਤਪਾਲ ਸਿੰਘ ਅਤੇ ਅਜਨਾਲਾ ਘਟਨਾ ਬਾਰੇ ਬੇਸ਼ੱਕ ਕੋਈ ਸ਼ਬਦ ਨਹੀਂ ਬੋਲਿਆ ਪ੍ਰੰਤੂ ਉਨ੍ਹਾਂ ਪੰਜਾਬ ਵਿਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਨੇ ਅਮਨ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੂੰ ਵੰਗਾਰਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖੀ ਜਾਵੇਗੀ ਅਤੇ ਇਸ ਨਾਲ ਕਿਸੇ ਨੂੰ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ। ਉਨ੍ਹਾਂ ‘ਇੰਡੀਆ ਟੂਡੇ’ ਰਸਾਲੇ ਦੇ ਜਨਵਰੀ ਅੰਕ ਦੇ ਹਵਾਲੇ ਨਾਲ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਵਾਲੇ ਕਈ ਸੂਬਿਆਂ ਨਾਲੋਂ ਕਿਤੇ ਬਿਹਤਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਕਾਨੂੰਨ ਵਿਵਸਥਾ ਬਾਰੇ ਗੁੰਮਰਾਹਕੁਨ ਪ੍ਰਚਾਰ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਜਿਸ ਨਾਲ ਲੋਕਾਂ ਦੇ ਹਿਰਦੇ ਠਰਨਗੇ। ਉਨ੍ਹਾਂ ਕਿਹਾ ਕਿ ਸੂੁਬਾ ਸਰਕਾਰ ਨੇ ਕੇਂਦਰ ਨੂੰ ਲਿਖਿਆ ਹੈ ਕਿ ਭਵਿੱਖ ’ਚ ਬੇਅਦਬੀ ਕਰਨ ਵਾਲਿਆਂ ਲਈ ਫਾਂਸੀ ਜਾਂ 20 ਸਾਲ ਦੀ ਸਜ਼ਾ ਦੀ ਵਿਵਸਥਾ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਐੱਸਵਾਈਐੱਲ ਸਮੇਤ ਲੋਕ ਵਿਰੋਧੀ ਫ਼ੈਸਲੇ ਲਏ, ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਜਾਂਚ ਏਜੰਸੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਬਾਦਲ ਪਰਿਵਾਰ ਨੂੰ ਵੀ ਨਿਸ਼ਾਨੇ ’ਤੇ ਰੱਖਿਆ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਪੰਜਾਬ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਹੋ ਗਿਆ ਤਾਂ ਇਸ ਪਰਿਵਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਆਪਣਾ ਪੈਂਤੜਾ ਬਦਲ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਧਿਰਾਂ ਨੂੰ ਹੁਣ ਆਮ ਘਰ ਦੇ ਪੁੱਤ ਵੱਲੋਂ ਸੂਬੇ ਨੂੰ ਚਲਾਉਣਾ ਹਜ਼ਮ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਸਮਰਪਿਤ ਹੈ। ਉਨ੍ਹਾਂ ਅਫ਼ਸੋਸ ਕੀਤਾ ਕਿ ਪਹਿਲਾਂ ਇਹ ਵਾਗਡੋਰ ਅਜਿਹੇ ਲੋਕਾਂ ਦੇ ਹੱਥਾਂ ਵਿਚ ਸੀ, ਜੋ ਸੂਬੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੋਂ ਵੀ ਅੱਗੇ ਨਿਕਲ ਗਏ। ਉਨ੍ਹਾਂ ਵਾਅਦਾ ਕੀਤਾ ਕਿ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Add a Comment

Your email address will not be published. Required fields are marked *