ਅਨਾਜ ਭੰਡਾਰ ਅਡਾਨੀ ਗਰੁੱਪ ਨੂੰ ਸੌਂਪਣਾ ਚਾਹੁੰਦੀ ਹੈ ਸਰਕਾਰ: ਕਾਂਗਰਸ

ਨਵੀਂ ਦਿੱਲੀ, 9 ਮਾਰਚ-: ਕਾਂਗਰਸ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਸਰਕਾਰ ਮੁਲਕ ਦੇ ਅਨਾਜ ਭੰਡਾਰ ਅਡਾਨੀ ਗਰੁੱਪ ਦੇ ਹਵਾਲੇ ਕਰਨਾ ਚਾਹੁੰਦੀ ਹੈ ਅਤੇ ਅਜਿਹੀ ‘ਸਾਜ਼ਿਸ਼’ ਨੂੰ ਕਿਸਾਨ ਅੰਦੋਲਨ ਦੁਆਰਾ ਅਸਥਾਈ ਤੌਰ ’ਤੇ ਨਾਕਾਮ ਬਣਾਇਆ ਗਿਆ ਸੀ ਜਿਸ ਕਾਰਨ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ। ਕਾਂਗਰਸ ਵੱਲੋਂ ‘ਹਮ ਅਦਾਨੀ ਕੇ ਹੈਂ ਕੌਨ’ ਲੜੀ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤਿੰਨ ਹੋਰ ਸਵਾਲ ਪੁੱਛੇ ਗਏ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਹਿਮਦਾਬਾਦ ’ਚ ਭਾਰਤ ਅਤੇ ਆਸਟਰੇਲੀਆ ਵਿਚਕਾਰ ਟੈਸਟ ਮੈਚ ਦੌਰਾਨ ਆਸਟਰੇਲਿਆਈ ਹਮਰੁਤਬਾ ਐਂਥਨੀ ਅਲਬਨੀਜ਼ ਦੀ ਮੌਜੂਦਗੀ ’ਚ ਸਟੇਡੀਅਮ ਦਾ ਚੱਕਰ ਲਾਉਣ ’ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਕਾਸ਼ਨ ‘ਅਡਾਨੀਵਾਚ’ ਨੇ 13 ਅਕਤੂਬਰ, 2022 ’ਚ ਰਿਪੋਰਟ ਦਿੱਤੀ ਹੈ ਕਿ ਸੁਪਰੀਮ ਕੋਰਟ ਨੇ 30 ਜੂਨ, 2021 ਨੂੰ ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ ਜਿਸ ਨੇ ਸਰਕਾਰੀ ਮਾਲਕੀ ਵਾਲੀ ਸੈਂਟਰਲ ਵੇਅਰਹਾਊਸਿੰਗ ਕਾਰਪੋਰੇਸ਼ਨ ਦੀ ਬਜਾਏ ਅਡਾਨੀ ਪੋਰਟਸ ਅਤੇ ਸੇਜ਼ ਦਾ ਸਮਰਥਨ ਕੀਤਾ ਸੀ ਅਤੇ ਕਿਹਾ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਕਾਨੂੰਨ ਵਿੱਚ ਟਿਕਾਊ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਦੀ ਸਥਾਪਨਾ 1957 ਵਿੱਚ ਅਨਾਜ ਭੰਡਾਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਹੋਈ ਸੀ ਅਤੇ 2021-22 ਵਿੱਚ 55 ਲੱਖ ਟਨ ਅਨਾਜ ਸਟੋਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਤਤਕਾਲੀ ਵਣਜ ਅਤੇ ਸਨਅਤਾਂ ਬਾਰੇ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਕਾਰਪੋਰੇਸ਼ਨ ਦੇ ਵਿਰੋਧ ਅਤੇ ਪ੍ਰਧਾਨ ਮੰਤਰੀ ਦੇ ਪਸੰਦੀਦਾ ਬਿਜ਼ਨਸ ਗਰੁੱਪ ਦੇ ਪੱਖ ’ਚ ਸਟੈਂਡ ਲਿਆ ਸੀ।

Add a Comment

Your email address will not be published. Required fields are marked *