ਟੈੱਟ ਪੇਪਰ ਮਾਮਲੇ ’ਚ CM ਮਾਨ ਦੇ ਹੁਕਮਾਂ ਤੋਂ ਬਾਅਦ ਵੱਡੀ ਕਾਰਵਾਈ

ਚੰਡੀਗੜ੍ਹ : ਸੂਬੇ ’ਚ ਟੈੱਟ ਦੇ ਪੇਪਰ ’ਚ ਗੜਬੜੀਆਂ ਕਰਨ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤ ’ਤੇ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ’ਚ ਦੋ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਪੁਲਸ ਨੂੰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਭਗਵੰਤ ਮਾਨ ਨੇ ਪੁਲਸ ਵਿਭਾਗ ਨੂੰ ਟੈੱਟ ਪ੍ਰੀਖਿਆ ’ਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿਲਾਫ਼ ਮਿਸਾਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਸ ਨੂੰ ਕਿਹਾ ਕਿ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ।

Add a Comment

Your email address will not be published. Required fields are marked *