Energy Drinks ਦੇ ਸ਼ੌਕੀਨਾਂ ਲਈ ਜ਼ਰੂਰੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋ ਜਾਵੇਗੀ ਵਿਕਰੀ

ਬਠਿੰਡਾ – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਛੋਟੇ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬਜ਼ੁਰਗਾਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ਸਖ਼ਤੀ ਨਾਲ ਰੋਕਣਾ ਯਕੀਨੀ ਬਣਾਉਣ। ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਨੇ ਪਿਛਲੇ ਮਹੀਨੇ ਦੀਆਂ ਫੂਡ ਬ੍ਰਾਂਚ ਦੀਆਂ ਰਿਪੋਰਟਾਂ ਡਿਪਟੀ ਕਮਿਸ਼ਨਰ ਨੂੰ ਪੇਸ਼ ਕੀਤੀਆਂ ਗਈਆਂ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਹੁਕਮ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਫੂਡ ਚੈਕਿੰਗ ਕੀਤੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਾਰੇ ਸਕੂਲਾਂ ਵਿਚ ਐਨਰਜੀ ਡਰਿੰਕਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਜਾਵੇ ਅਤੇ ਬੱਚਿਆਂ ਨੂੰ ਇਨ੍ਹਾਂ ਦੇ ਹੋਣ ਵਾਲੇ ਨੁਕਸਾਨਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਸਬੰਧੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣ।

ਇਸ ਮੌਕੇ ਡੀ. ਸੀ. ਨੇ ਦੱਸਿਆ ਕਿ ਐਨਰਜੀ ਡਰਿੰਕਸ ਵਿਚ ਕੈਫੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ਨਾਲ ਦਿਲ ਦੀ ਧੜਕਣ ਤੇਜ਼ ਹੁੰਦੀ ਹੈ ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਖ਼ਤਰਨਾਕ ਸਾਬਿਤ ਹੋ ਸਕਦੀ ਹੈ। ਇਸ ਐਨਰਜੀ ਡਰਿੰਕਸ ਨੂੰ ਲਗਾਤਾਰ ਪੀਣ ਨਾਲ ਆਦਤ ਬਣ ਸਕਦੀ ਹੈ ਜੋ ਕਿ ਸਿਹਤ ਲਈ ਬਹੁਤ ਹਾਨੀਕਾਰਕ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਲਵੀ ਚੌਧਰੀ, ਕਮਿਸ਼ਨਰ ਨਗਰ ਨਿਗਮ ਰਾਹੁਲ, ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੇਵਾ ਸਿੰਘ ਸਿੱਧੂ ਆਦਿ ਹਾਜ਼ਰ ਸਨ।

Add a Comment

Your email address will not be published. Required fields are marked *