ਹਲਕੇ ਦੇ ਵਿਕਾਸ ’ਚ ਕੋਈ ਕਸਰ ਨਹੀਂ ਛੱਡਾਂਗੇ: ਅਨਮੋਲ ਗਗਨ

ਕੁਰਾਲੀ, 15 ਮਾਰਚ-: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨੇੜਲੇ ਪਿੰਡ ਨਿਹੋਲਕਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਇਆ ਜਾਵੇਗਾ। ਹਲਕੇ ਦੇ ਵਿਕਾਸ ਲਈ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਣ ਕੇ ਮੌਕੇ ’ਤੇ ਹੱਲ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਇਲਾਕਾ ਵਾਸੀਆਂ ਨੇ ਆਪੋ ਆਪਣੀਆਂ ਸਮੱਸਿਆਵਾਂ,ਸ਼ਿਕਾਇਤਾਂ ਤੇ ਮੰਗਾਂ ਬੀਬਾ ਮਾਨ ਅੱਗੇ ਰੱਖੀਆਂ। ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਬੀਬਾ ਮਾਨ ਨੇ ਮੌਕੇ ’ਤੇ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਮੁਫ਼ਤ ਮੈਡੀਕਲ ਸਹੂਲਤ, ਰੋਜ਼ਗਾਰ ਲਈ ਰਜਿਸਟ੍ਰੇਸ਼ਨ, ਜੌਬ ਕਾਰਡ ਤੋਂ ਇਲਾਵਾ ਆਧਾਰ ਕਾਰਡ ਵੀ ਮੌਕੇ ’ਤੇ ਹੀ ਬਣਾਏ ਗਏ। ਇਸ ਮੌਕੇ ਐਸਡੀਐਮ ਖਰੜ ਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Add a Comment

Your email address will not be published. Required fields are marked *